ਬੰਦੀ ਸਿੰਘਾਂ ਦੀ ਰਿਹਾਈ ਪੂਰੀ ਕੌਮ ਦਾ ਮਸਲਾ- ਜਥੇਦਾਰ ਗਿਆਨੀ ਰਘਬੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਉਹਨਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ

photo

 

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।

ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਧੜਿਆਂ ’ਚ ਵੰਡੇ ਸਿੱਖ ਪੰਥ ਨੂੰ ਇੱਕ ਕਰਨ ਦਾ ਯਤਨ ਕੀਤਾ ਜਾਵੇਗਾ। 

ਸਿੱਖ ਪੰਥ ਨੂੰ ਇੱਕ ਕਰਨ ਲਈ ਸਭ ਤੋਂ ਜ਼ਰੂਰੀ ਧਰਮ ਪ੍ਰਚਾਰ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਵਿਧਾਨ ਸਭਾ ਵਿਚ ਕਿਸੇ ਸਿੱਖ ਦੀ ਦਾਹੜੀ ਦਾ ਮਜਾਕ ਉਡਾਉਣਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਜੋ ਕੁਝ ਕੀਤਾ ਜਾ ਰਿਹਾ ਹੈ ਉਹ ਐਸ.ਜੀ.ਪੀ.ਸੀ. ਤੇ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਦੇ ਅੰਦਰ ਹੀ ਤੋੜੇਗੀ। ਇਸ ਕਰ ਕੇ ਕੁਰਬਾਨੀਆਂ ਦੇ ਕੇ ਬਣੀ ਜਥੇਬੰਦੀ ਨੂੰ ਬਚਾਉਣ ਦੀ ਲੋੜ ਹੈ। 

ਇਸੇ ਦੌਰਾਨ ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਕਿਹਾ ਕਿ ਇਹ ਸਾਰੀ ਸਿੱਖ ਕੌਮ ਦਾ ਮਸਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਫਾਰਮ ਭਰਵਾਏ ਗਏ ਹਨ। ਇਸ ਸਬੰਧੀ ਮੁਹਾਲੀ ਵਿਚ ਵੀ ਸਿੱਖਾਂ ਨੇ ਮੋਰਚਾ ਲਗਾਇਆ ਹੋਇਆ ਹੈ। ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਤੇ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਰੋਕਿਆ ਜਾਵੇ।