ਬਲਾਤਕਾਰੀਆਂ ਤੇ ਕਾਤਲਾਂ ਨੂੰ ਰਿਹਾਅ ਕੀਤਾ ਪਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? - ਬੀਬੀ ਰਾਜੋਆਣਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ - ਇਹ ਸਾਰਾ ਵਰਤਾਰਾ ਦੇਸ਼ ਦੇ ਹੁਕਮਰਾਨਾਂ ਵੱਲੋਂ ਇਨਸਾਫ਼ ਲਈ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪ੍ਰਗਟਾਵਾ 

Kamaldeep Kaur Rajoana with Balwant Singh Rajoana

ਚੰਡੀਗੜ੍ਹ : ਜੇਲ੍ਹ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕੇ ਹੈ। ਉਨ੍ਹਾਂ ਕਿਹਾ ਕਿ ਕਜੇਕਰ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? ਦੱਸ ਦੇਈਏ ਕਿ ਉਨ੍ਹਾਂ ਨੇ ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਦੀ ਰਿਹਾਈ 'ਤੇ ਸਵਾਲ ਚੁੱਕੇ ਹਨ ਅਤੇ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਨੂੰ ਵੀ ਰਿਹਾਅ ਕੀਤਾ ਜਾਵੇ।

ਕਮਲਦੀਪ ਕੌਰ ਰਾਜੋਆਣਾ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਲਿਖਿਆ, ''ਸੱਭ ਤੋਂ ਪਹਿਲਾਂ ਅਸੀਂ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਉਸ ਅਕਾਲ-ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ।  ਖਾਲਸਾ ਜੀ, ਪਿਛਲੇ ਦਿਨੀਂ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਮੌਕੇ ਉਤੇ ਕੇਂਦਰ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ 2002 ਦੇ ਵਿੱਚ ਗੁਜਰਾਤ ਵਿੱਚ ਹੋਏ ਬਿਲਕਿਸ ਬਾਨੋ ਕੇਸ ਨਾਲ ਸਬੰਧਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ ਬਲਾਤਕਾਰੀਆਂ ਅਤੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਹੈ।

ਇਹ ਸਾਰੇ ਉਹ ਦੋਸ਼ੀ ਹਨ ਜਿੰਨ੍ਹਾਂ ਨੇ ਬੀਬੀ ਬਿਲਕਿਸ ਬਾਨੋ ਦੇ ਪਰਿਵਾਰ ਦੇ ਸੱਤ ਮੈਬਰਾਂ ਦਾ ਬਹੁਤ ਹੀ ਬੇਰਹਿਮੀ ਨਾਲ ਕਤਲੇਆਮ ਕੀਤਾ, ਜਿਸ ਵਿੱਚ ਇੱਕ ਤਿੰਨ ਸਾਲਾਂ ਦੀ ਬੱਚੀ ਵੀ ਸ਼ਾਮਲ ਸੀ। ਜਿਸ ਦਾ ਸਿਰ ਹੀ ਧੜ ਨਾਲੋਂ ਅਲੱਗ ਕਰ ਦਿੱਤਾ ਗਿਆ ਸੀ ਅਤੇ ਬਿਲਕਿਸ ਬਾਨੋ ਨਾਲ ਇਨ੍ਹਾਂ ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ, ਜੋ ਕਿ ਉਸ ਵਕਤ ਪੰਜ ਮਹੀਨਿਆਂ ਦੀ ਗਰਭਵਤੀ ਸੀ।'' 

ਬੀਬੀ ਰਾਜੋਆਣਾ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸੀ ਬੀ ਆਈ ਦੀ ਕੋਰਟ ਨੇ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।  ਇਨ੍ਹਾਂ ਸਾਰੇ ਦੋਸ਼ੀਆਂ ਨੂੰ ਸਿਰਫ ਰਿਹਾਅ ਹੀ ਨਹੀਂ ਕੀਤਾ ਗਿਆ ਬਲਕਿ ਇਨ੍ਹਾਂ ਸਾਰੇ ਦੋਸ਼ੀਆਂ ਦੇ ਜੇਲ੍ਹ ਤੋਂ ਬਾਹਰ ਨਿਕਲਣ ਤੇ ਹਾਰ ਪਾ ਕੇ ਸਵਾਗਤ ਵੀ ਕੀਤਾ ਗਿਆ। ਅੱਗੇ ਲਿਖਦਿਆਂ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ, ''ਖਾਲਸਾ ਜੀ,  ਦੂਜੇ ਪਾਸੇ ਸਾਡੇ ਉਹ ਬੰਦੀ ਸਿੰਘ ਹਨ, ਜਿਹੜੇ 25-25 ਅਤੇ 30-30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਆਪਣੀਆਂ ਸਜਾਵਾਂ ਤੋਂ ਕਿਤੇ ਵੱਧ ਸਜ਼ਾ ਕੱਟ ਚੁੱਕੇ ਹਨ ਅਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰਿਹਾਅ ਕਰਨ ਲਈ ਲਗਾਤਾਰ ਟਾਲ-ਮਟੋਲ ਕੀਤਾ ਜਾ  ਰਿਹਾ ਹੈ।''

ਉਨ੍ਹਾਂ ਕਿਹਾ ਕਿ ਵੀਰ ਬਲਵੰਤ ਸਿੰਘ ਰਾਜੋਆਣਾ ਜੀ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, 15 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੰਦ ਹਨ। ਪਿਛਲੇ 11 ਸਾਲਾਂ ਤੋਂ ਵੀਰ ਰਾਜੋਆਣਾ ਜੀ ਦੀ ਫਾਂਸੀ ਦੀ ਸਜ਼ਾ ਨਾਲ ਸਬੰਧਿਤ ਫਾਈਲ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਪਈ ਹੈ, ਜਿਸ 'ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ। 

ਬੀਬੀ ਰਾਜੋਆਣਾ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਛੇ ਵਾਰ ਆਦੇਸ਼ ਕਰਨ ਦੇ ਬਾਵਜੂਦ ਵੀ ਫੈਸਲਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਸਾਡੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਵਰਤਾਰਾ ਸਾਡੇ ਦੇਸ਼ ਦੇ ਹੁਕਮਰਾਨਾਂ ਵੱਲੋਂ ਇਨਸਾਫ਼ ਲਈ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪ੍ਰਗਟਾਵਾ ਕਰਦਾ ਹੈ।