ਅੰਤਰਰਾਸ਼ਟਰੀ ਨਗਰ ਕੀਰਤਨ ਪੂਣੇ ਤੋਂ ਅਗਲੇ ਪੜਾਅ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਸ ਨਗਰ ਕੀਰਤਨ ਦੇ ਅੱਜ ਪੂਣੇ ਤੋਂ ਅੱਗੇ ਰਵਾਨਾ ਹੋਣ ਸਮੇਂ ਵੀ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

International Nagar Kirtan

ਅੰਮ੍ਰਿਤਸਰ, 21 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦਵਾਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ।

ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚਲ ਰਹੇ ਇਸ ਨਗਰ ਕੀਰਤਨ ਦੇ ਅੱਜ ਪੂਣੇ ਤੋਂ ਅੱਗੇ ਰਵਾਨਾ ਹੋਣ ਸਮੇਂ ਵੀ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦਵਾਰਾ ਸਾਹਿਬ ਵਿਖੇ ਧਾਰਮਕ ਦੀਵਾਨ ਸਜਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ।

ਸ੍ਰੀ ਨਨਕਾਣਾ ਸਾਹਿਬ ਤੋਂ 72 ਵਰ੍ਹਿਆਂ ਮਗਰੋਂ ਇਤਿਹਾਸਕ ਨਗਰ ਕੀਰਤਨ ਸਜਾਇਆ ਜਾਣਾ ਅਪਣੇ ਆਪ ਵਿਚ ਮਿਸਾਲ ਹੈ ਅਤੇ ਸਾਡੀ ਖ਼ੁਸ਼ਕਿਸਮਤੀ ਹੈ ਕਿ ਪਹਿਲੇ ਪਾਤਸ਼ਾਹ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਅੰਦਰ ਆ ਰਿਹਾ ਹੈ। ਉਨ੍ਹਾਂ ਸੰਗਤ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਸਮੇਂ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਉ ਦਿਤੇ ਗਏ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਵਿਚ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿਟੇਵੱਡ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਜਸਬੀਰ ਸਿੰਘ ਧਾਮ ਆਦਿ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।