ਕੇਸਗੜ੍ਹ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰਤਾ ਬਹਾਲ ਰੱਖਣ ਦੀ ਅਪੀਲ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਇਤਿਹਾਸਕ ਗੁਰਦਵਾਰਿਆਂ ਕੋਲ ਮੀਟ-ਸ਼ਰਾਬ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ 

Sri Anandpur Sahib

ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਅੰਦਰ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਨਜ਼ਦੀਕ ਸਿਗਰਟ, ਤਮਾਕੂ, ਮੀਟ-ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਹੈ। ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਵਸਾਇਆ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਪੰਥ ਦਾ ਪ੍ਰਗਟ ਅਸਥਾਨ ਹੈ।

ਖ਼ਾਲਸਾ ਸਾਜਨਾ ਦੀ ਤ੍ਰੈਸ਼ਤਾਬਦੀ ਮੌਕੇ 1999 ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਅਕਾਲੀ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨ ਕੇ ਹਰ ਤਰ੍ਹਾਂ ਦੇ ਨਸ਼ਿਆਂ ਦੀਆਂ ਦੁਕਾਨਾਂ ਸ਼ਹਿਰ ਦੀ ਹੱਦ ਤੋਂ ਬਾਹਰ ਕਰ ਦਿਤੀਆਂ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਸੰਗਤਾਂ ਵਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਹਦੂਦ ਅੰਦਰ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਨਜ਼ਦੀਕ ਸਿਗਰਟ, ਤਮਾਕੂ, ਮੀਟ-ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਸਾਰ ਭਰ ਤੋਂ ਸ਼ਰਧਾ ਤੇ ਭਾਵਨਾ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਸੰਗਤਾਂ ਨੂੰ ਇਸ ਨਾਲ ਭਾਰੀ ਠੇਸ ਪਹੁੰਚਦੀ ਹੈ। ਗਿਆਨੀ ਰਘਬੀਰ ਸਿੰਘ ਨੇ ਸ਼ਹਿਰ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਪਵਿੱਤਰ ਨਗਰੀ ਦੀ ਪਵਿੱਤਰਤਾ ਨੂੰ ਬਹਾਲ ਰੱਖਣ ਵਿਚ ਸਹਿਯੋਗ ਦੇਣ ਅਤੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦੀ ਹੱਦ ਅੰਦਰ ਅਤੇ ਇਤਿਹਾਸਕ ਗੁਰਦੁਆਰਿਆਂ ਨਜ਼ਦੀਕ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿਤੀ ਹੈ ਕਿ ਉਹ ਬਾਜ਼ ਆ ਜਾਣ। 
ਫੋਟੋ ਰੋਪੜ-23-14 ਤੋਂ ਪਾ੍ਰਪਤ ਕਰੋ ਜੀ।