ਬਾਦਲ ਰਾਜ 'ਚ ਡੇਰਾ ਪ੍ਰੇਮੀਆਂ ਵਲੋਂ ਸਿੱਖਾਂ ਵਿਰੁਧ ਦਰਜ ਕਰਾਏ ਕੇਸਾਂ ਦੀ ਸੂਚੀ ਤਿਆਰ ਕਰਾਂਗੇ : ਮਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਮੁਤਵਾਜ਼ੀ ਜਥੇਦਾਰਾਂ ਵਲੋਂ ਵਿਢੇ ਇਨਸਾਫ਼ ਮੋਰਚੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਜਿਹੇ....

Simranjit Singh Mann

ਕੋਟਕਪੂਰਾ : ਮੁਤਵਾਜ਼ੀ ਜਥੇਦਾਰਾਂ ਵਲੋਂ ਵਿਢੇ ਇਨਸਾਫ਼ ਮੋਰਚੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਜਿਹੇ ਪੀੜਤ ਸਿੱਖਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਲੋਂ ਵੱਖ-ਵੱਖ ਥਾਣਿਆਂ 'ਚ ਦਰਜ ਕੀਤੀਆਂ ਅਜਿਹੀਆਂ ਐਫੀਆਈਆਰਜ਼ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ 'ਚ ਡੇਰਾ ਪ੍ਰ੍ਰੇਮੀਆਂ ਨੇ ਨਿਰਦੋਸ਼ ਸਿੱਖਾਂ ਨੂੰ ਫਸਾ ਕੇ ਜਲੀਲ ਕਰਨ ਦੀ ਕੋਸ਼ਿਸ਼ ਕੀਤੀ ਸੀ।

ਮਾਨ ਨੇ ਦਾਅਵਾ ਕੀਤਾ ਕਿ ਅਜਿਹੇ ਪੀੜਤ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸਬੰਧਤ ਡੇਰਾ ਪ੍ਰੇਮੀਆਂ ਖਿਲਾਫ ਮਾਣਹਾਨੀ ਦੇ ਇਸਤਗਾਸੇ ਕਰਾਉਣ ਸਬੰਧੀ ਵਕੀਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਜੇ ਝੂਠੇ ਮਾਮਲੇ 'ਚ ਫਸਾਏ ਸਿੱਖਾਂ ਨਾਲ ਪੁਲਿਸ ਦੀ ਹਾਜ਼ਰੀ 'ਚ ਕੁੱਟਮਾਰ ਜਾਂ ਗੁੰਡਾਗਰਦੀ ਦਾ ਕੇਸ ਸਾਹਮਣੇ ਆਇਆ ਤਾਂ ਉਸ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ।

ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾ ਮੌਕੇ ਆਮ ਆਦਮੀ ਪਾਰਟੀ ਦੀ ਹਮਾਇਤ 'ਤੇ ਆਏ ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਬੇਅਦਬੀ ਕਾਂਡ ਦਾ ਇਨਸਾਫ਼ ਲੈਣ ਲਈ ਬਰਗਾੜੀ ਮੋਰਚੇ 'ਚ ਵੀ ਭਰਵੀਂ ਸ਼ਮੂਲੀਅਤ ਕਰਨ ਕਿਉਂਕਿ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਦੁਖ ਸਾਡਾ ਸਾਰਿਆਂ ਦਾ ਸਾਂਝਾ ਹੈ।