ਦਿਉਰ-ਭਰਜਾਈ ਨੇ ਕੀਤੀ ਬੇਅਦਬੀ, ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਕਮੇਟੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਵੇ: ਜਥੇਦਾਰ

Dior-Bhargai

ਸ੍ਰੀ ਮੁਕਤਸਰ ਸਾਹਿਬ ਵਿਖੇ ਪੈਂਦੇ ਪਿੰਡ ਭੂੰਦੜ ਦੇ ਗੁਰਦੁਆਰਾ ਬਾਬਾ ਭੂੰਦੜ ਸਾਹਿਬ 'ਚ ਪਿੰਡ ਦੀ ਹੀ ਇਕ ਔਰਤ ਅਤੇ ਉਸ ਦੇ ਦਿਉਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਬਦੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਗੁਰਦਵਾਰੇ ਵਿਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ ਜਿਸ ਦੇ ਆਧਾਰ 'ਤੇ ਪੁਲਿਸ ਨੇ ਦੋਹਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਏਐਸਆਈ ਵਿਪਨ ਕੁਮਾਰ ਨੇ ਦਸਿਆ ਕਿ ਗ੍ਰੰਥੀ ਨੇ ਪੁਲਿਸ ਨੂੰ ਦਸਿਆ ਕਿ ਉਹ ਕਿਸੇ ਕੰਮ ਲਈ ਗੁਰੂ ਘਰੋਂ ਬਾਹਰ ਗਿਆ ਸੀ ਅਤੇ ਜਦ ਉਹ ਗੁਰੂ ਘਰ  ਆਇਆ ਤਾਂ ਉਸ ਨੇ ਵੇਖਿਆ ਕਿ ਸਪਨਾ ਦੇ ਹੱਥਾਂ 'ਚ ਬੇਢੰਗੇ ਹਾਲਤ 'ਚ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਪਾਵਨ ਸਰੂਪ ਸਨ ਅਤੇ ਉਸ ਨਾਲ ਚਰਨ ਦਾਸ ਵੀ ਮੌਜੂਦ ਸਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਗੁਰਦਵਾਰੇ ਤੋਂ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੌਕੇ 'ਤੇ ਪਹੁੰਚ ਕੇ ਉਸ ਨੇ ਗੁਰੂ ਘਰ ਦੇ ਕੁੱਝ ਸ਼ਰਧਾਲੂਆਂ ਦੀ ਮਦਦ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਉਨ੍ਹਾਂ ਤੋਂ ਵਾਪਸ ਲੈ ਕੇ ਵਾਪਸ ਗੁਰੂ ਘਰ ਵਿਚ ਲੈ ਗਏ। ਜ਼ਿਕਰਯੋਗ ਹੈ ਕਿ ਉਕਤ ਦਿਉਰ-ਭਰਜਾਈ ਸੌਦਾ ਸਾਧ ਦੇ ਪੈਰੋਕਾਰ ਦੱਸੇ ਜਾ ਰਹੇ ਹਨ। ਗਿੱਦੜਬਾਹਾ ਦੇ ਡੀਐਸਪੀ ਨੇ ਕਿਹਾ ਕਿ ਉਕਤ ਦੋਸ਼ੀਆਂ ਨੂੰ ਗਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਗੁਦਵਾਰੇ ਦੇ ਮੈਨੇਜਰ ਬਲਦੇਵ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਕਿਸੇ ਵੀ ਘਰੇਲੂ ਮਸਲੇ ਵਿਚ ਸੱਚਾ ਜਾਂ ਝੂਠਾ ਸਾਬਤ ਕਰਨ ਲਈ ਜਾਂ ਸਹੁੰ ਖਾਣ ਜਾਂ ਮਹਾਰਾਜ ਦਾ ਸਰੂਪ ਚੁੱਕਣ ਲਈ ਨਹੀਂ ਕਹਿਣਾ ਚਾਹੀਦਾ, ਇਹ ਮੰਦਭਾਗਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰ ਕੇ ਦੋਸ਼ੀਆਂ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇ।ਇਸ ਘਟਨਾ ਦੇ ਦੁਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮੁਲਜ਼ਮਾਂ ਦੇ ਨਾਲ-ਨਾਲ ਗੁਰਦਵਾਰਾ ਕਮੇਟੀ ਵੀ ਬਰਾਬਰ ਦੀ ਜ਼ਿੰਮੇਵਾਰ ਹੈ ਇਸ ਲਈ ਗੁਰਦਵਾਰਾ ਕਮੇਟੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਅਪਣਾ ਸਪੱਸ਼ਟਕਰਨ ਦੇਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਤੁਰਤ ਅਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਅਤੇ ਗੁਰਦੁਆਰਾ ਸਾਹਿਬਾਨਾ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਪੱਕੇ ਤੌਰ 'ਤੇ ਗ੍ਰੰਥੀ ਸਿੰਘ ਦੇ ਨਾਲ ਇਕ ਸੇਵਾਦਾਰ ਵੀ ਰੱਖਣ ਜਿਸ ਨਾਲ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ 'ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਕ ਪਿੰਡ ਵਿਚ ਇਕ ਹੀ ਗੁਰਦੁਆਰਾ ਬਣਾਇਆ ਜਾਵੇ ਤਾਂ ਜੋ ਉਸ ਦੀ ਸਾਂਭ ਸੰਭਾਲ ਮਰਿਯਾਦਾ ਅਨੁਸਾਰ ਹੋ ਸਕੇ।