ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ, ਸੰਗਤ ਵਿਚ ਭਾਰੀ ਰੋਸ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

Beadbi at Gurdwara Sri Kotwali Sahib

 

ਮੋਰਿੰਡਾ: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਉਸ ਨੇ ਤਾਬਿਆ ’ਤੇ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲਹਿ ਗਈ।

ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਘਟਨਾ ਦੇ ਵੀਡੀਓ ਵਾਇਰਲ ਹੋ ਰਹੇ ਹਨ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਆਉਂਦਾ ਹੈ ਅਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਨੂੰ ਕੁੱਟਣਾ ਸ਼ੁਰੂ ਕਰ ਦਿੰਦਾ ਹੈ। ਬੇਅਦਬੀ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਦੀ ਲਹਿਰ ਹੈ। ਇਸ ਸਮੇਂ ਗੁਰਦੁਆਰਾ ਸਾਹਿਬ ਵਿਚ ਸੰਗਤ ਵੀ ਮੌਜੂਦ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਦੀ ਪੁਲਿਸ ਮੌਕੇ ’ਤੇ ਪਹੁੰਚੀ। ਸੰਗਤ ਨੇ ਮੁਲਜ਼ਮ ਨੂੰ ਫੜ ਕੇ ਉਸ ਦੀ ਕੁੱਟਮਾਰ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਧਰਨੇ ਤੇ ਬੈਠੀ ਸੰਗਤ

ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਭਾਰੀ ਰੋਸ ਹੈ। ਵੱਡੀ ਗਿਣਤੀ ਵਿਚ ਲੋਕਾਂ ਨੇ ਸੜਕ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਵਿਰੁਧ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਧਰਨਾ ਨਹੀਂ ਚੁੱਕਣਗੇ। ਹਾਲਾਂਕਿ, ਪੁਲਿਸ ਲਗਾਤਾਰ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਤਰ੍ਹਾਂ ਕਾਨੂੰਨ ਹੱਥ ਵਿਚ ਲਿਆ ਜਾਵੇ।

ਪੁਲਿਸ ਦਾ ਕਹਿਣਾ ਹੈ ਕਾਨੂੰਨ ਮੁਤਾਬਕ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੰਗਤ ਨਾਲ ਧਰਨੇ ’ਤੇ ਬੇਠ ਹਨ। ਇਸ ਦੌਰਾਨ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਲੋਕਾਂ ਨੂੰ ਅਜਿਹੇ ਮੌਕਿਆਂ 'ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, "ਸਾਨੂੰ ਪੁਲਿਸ 'ਤੇ ਭਰੋਸਾ ਰੱਖਣਾ ਚਾਹੀਦਾ ਅਤੇ ਕਾਨੂੰਨ ਆਪਣੇ ਹੱਥ ਵਿਚ ਨਹੀਂ ਲੈਣਾ ਚਾਹੀਦਾ।"

ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸ ਨੂੰ ਸਖਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ”।

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਟਵੀਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੀ ਘਟਨਾ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ, “ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਬਹੁਤ ਨਿੰਦਣਯੋਗ ਹੈ। ਮੈਂ ਪੰਜਾਬ ਪੁਲਿਸ ਨੂੰ ਅਪੀਲ ਕਰਦਾ ਹਾਂ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ”।

ਹਰਜਿੰਦਰ ਸਿੰਘ ਧਾਮੀ ਦਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਦੋਸ਼ੀ ਨੇ ਸ਼ਰੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਮਿਸਾਲ ਕਾਇਮ ਕਰਨੀ ਚਾਹੀਦੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਤਾਈ ਚਿੰਤਾ

ਇਸ ਘਟਨਾ ’ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਰਿੰਡਾ ਵਿਖੇ ਇੱਕ ਘਟੀਆ ਵਿਅਕਤੀ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਾਬਿਆ 'ਤੇ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਦਾ ਹੈ ਅਤੇ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਜੋ ਚਿੰਤਾ ਦਾ ਵਿਸ਼ਾ ਹੈ। ਦੋਸ਼ੀ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ ਕਿਉਂਕਿ ਜਦੋਂ ਤੱਕ ਅਜਿਹੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਬੇਅਦਬੀ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ।

ਪੁਲਿਸ ਨੇ ਪਰਚਾ ਕੀਤਾ ਦਰਜ


FIR Copy

ਇਸ ਘਟਨਾ ਸਬੰਧੀ ਐੱਸਪੀ ਐੱਨਐੱਸ ਮਾਹਲ ਨੇ ਦੱਸਿਆ ਕਿ ਪੁਲਿਸ ਨੂੰ ਕਰੀਬ ਡੇਢ ਵਜੇ ਘਟਨਾ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਤਫਤੀਸ਼ ਜਾਰੀ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਵਿਅਕਤੀ ਮੋਰਿੰਡਾ ਦਾ ਹੀ ਰਹਿਣ ਵਾਲਾ ਹੈ। ਉਸ ਦਾ ਨਾਂਅ ਜਸਬੀਰ ਸਿੰਘ ਦੱਸਿਆ ਜਾ ਰਿਹਾ ਹੈ। ਮੁਲਜ਼ਮ ਵਿਰੁਧ ਧਾਰਾ 323,307,295ਏ ਅਤੇ 506 ਧਾਰਾ ਲਗਾਈ ਗਈ ਹੈ।

ਸੰਸਦ ਮੈਂਬਰ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੋਰਿੰਡਾ ਤੋਂ ਬੇਅਦਬੀ ਦੀ ਦੁਖਦਾਈ ਘਟਨਾ ਸਾਹਮਣੇ ਆਈ। 80-90 ਦੇ ਦਹਾਕੇ ਵਿਚ ਪੰਜਾਬ ਨੇ ਬਹੁਤ ਕਾਲਾ ਦੌਰ ਦੇਖਿਆ ਪਰ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਮੈਲੀ ਅੱਖ ਨਾਲ ਦੇਖਣ ਦੀ ਕਿਸੇ ਦੀ ਜੁਰਅਤ ਨਹੀਂ ਸੀ। ਕਦੇ ਸੋਚਿਆ ਨਹੀਂ ਸੀ ਕਿ ਪੰਜਾਬ ਦਾ ਮਾਹੌਲ ਅਜਿਹਾ ਹੋਵੇਗਾ ਕਿ ਏਹੋ ਜਿਹੇ ਪਾਪ ਹੋਣਗੇ। ਇਸ ਦੇ ਨਾਲ ਹੀ ਉਹਨਾਂ ਨੇ ਸੰਗਤ ਨੂੰ ਸ਼ਾਂਤਈ ਬਣਾਈ ਰੱਖਣ ਦੀ ਅਪੀਲ ਕੀਤੀ ਹੈ।