Panthak News: ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਨੂੰ ਲਿਖੇ ਪੱਤਰ ਤੋਂ ਬਾਅਦ ਐਡਵੋਕੇਟ ਧਾਮੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

Advocate Harjinder Singh Dhami

Panthak News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ਵਿਚ ਗੁਰਦੁਆਰਾ ਕਮੇਟੀ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪ੍ਰੰਤੂ ਇਸ ਮਾਮਲੇ ਵਿਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ’ਤੇ ਲੈਣਾ ਠੀਕ ਨਹੀਂ ਹੈ। ਉਨ੍ਹਾ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਿਸ ਪ੍ਰਸ਼ਾਸਨ ਦੀਆਂ ਹਰਕਤਾਂ ਤੇ ਰੋਕ ਲਗਾਉਣ ਲਈ ਆਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ 'ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਅਪਣੇ ਹੱਥਾਂ ਵਿਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਚੁਣੀ ਹੋਈ ਪ੍ਰਬੰਧਕ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨ ਹੈ, ਜਿਸ ਵਿਚ ਸਰਕਾਰੀ ਦਖਲਅੰਦਾਜ਼ੀ ਤੁਰੰਤ ਰੋਕੀ ਜਾਵੇ।  ਬਾਬਾ ਤਰਸੇਮ ਸਿੰਘ ਕਤਲ ਵਿਚ ਕਿਸੇ ਵੀ ਬੇਗੁਨਾਹ ਤੇ ਬੇਕਸੂਰ ਨੂੰ ਤੰਗ ਪਰੇਸ਼ਾਨ ਨਾ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਿਕ ਤੌਰ ‘ਤੇ ਉੱਤਰਾਖੰਡ ਸੂਬੇ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿੱਖ ਮਸਲਿਆਂ ਦੀ ਸੰਜੀਦਗੀ ਨੂੰ ਸਮਝਣ ਅਤੇ ਤੁਰੰਤ ਆਦੇਸ਼ ਕਰਨ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਆਗੂ ਨੂੰ ਬੇਲੋੜਾ ਪਰੇਸ਼ਾਨ ਨਾ ਕੀਤਾ ਜਾਵੇ।