ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਪਾਕਿ ਨਾਲ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੇਂਦਰ ਸਰਕਾਰ ਨੇ ਰਾਜਨਾਥ ਸਿੰਘ ਦੀ ਅਗਵਾਈ 'ਚ ਕੌਮੀ ਕਮੇਟੀ ਦਾ ਕੀਤਾ ਗਠਨ : ਕੈਪਟਨ

Captain Amarinder Singh

ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਅੱਜ ਦੁਪਹਿਰ ਇਕ ਪ੍ਰਾਈਵੇਟ ਮੈਰਿਜ ਪੈਲੇਸ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਅਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਗੁਆਂਢੀ ਮੁਲਕ ਦੇ ਦੌਰੇ ਮੌਕੇ ਇਹ ਮਾਮਲਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵਿਚ ਇਸ ਦੀ ਧਾਰਮਕ ਤੌਰ 'ਤੇ ਬਹੁਤ ਜ਼ਿਆਦਾ ਅਹਿਮੀਅਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਸਾਲ 1920 ਦੌਰਾਨ ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਉਨ੍ਹਾਂ ਦੇ ਦਾਦਾ ਮਹਾਰਾਜਾ ਭੁਪਿੰਦਰ ਸਿੰਘ ਨੇ 1.35 ਲੱਖ ਰੁਪਏ ਦਾਨ ਕੀਤੇ ਸਨ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੇ ਸਿੱਖ ਗੁਰੂ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਉਨ੍ਹਾਂ ਦਸਿਆ ਕਿ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਾਇਮ ਕੀਤੀ ਪ੍ਰਬੰਧਕੀ ਕਮੇਟੀ ਨੇ ਇਤਿਹਾਸਕ ਨਗਰਾਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਨੂੰ ਅੰਤਮ ਛੋਹਾਂ ਦੇ ਦਿਤੀਆਂ ਹਨ। ਮੁੱਖ ਮੰਤਰੀ ਨੇ ਦਸਿਆ ਕਿ ਉਨ੍ਹਾਂ ਦੀ ਅਪੀਲ 'ਤੇ ਕੇਂਦਰ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਿਚ ਕੌਮੀ ਕਮੇਟੀ ਦਾ ਗਠਨ ਕਰ ਦਿਤਾ ਹੈ। ਮੁੱਖ ਮੰਤਰੀ ਨੇ ਕਾਂਗਰਸ ਦੀ ਸ਼ਾਨਦਾਰ ਜਿੱਤ ਦਾ ਸਿਹਰਾ ਵਰਕਰਾਂ ਅਤੇ ਪਾਰਟੀ ਵਿਚ ਭਰੋਸਾ ਜ਼ਾਹਰ ਕਰਨ ਵਾਲੇ ਲੋਕਾਂ ਸਿਰ ਬੰਨ੍ਹਿਆ ਹੈ

ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਸੱਤਾਧਾਰੀ ਪਾਰਟੀ ਦਾ ਸਮਰਥਨ ਕੀਤਾ ਹੈ। ਅਕਾਲੀਆਂ ਵਲੋਂ ਗੁੰਡਾਗਰਦੀ ਕਰਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੁੱਝ ਵੀ ਨਹੀਂ ਹੋਇਆ ਸਗੋਂ ਇਹ ਅਕਾਲੀਆਂ ਦੀ ਨਮੋਸ਼ੀ ਭਰੀ ਹਾਰ ਦਾ ਪ੍ਰਗਟਾਵਾ ਹੈ। ਇਨ੍ਹਾਂ ਚੋਣਾਂ ਵਿਚ ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 94 ਫ਼ੀ ਸਦੀ ਅਤੇ ਬਲਾਕ ਸੰਮਤੀਆਂ ਵਿਚ ਲਗਭਗ 81 ਫ਼ੀ ਸਦੀ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।