Panthak News: ਕੌਮੀ ਇਨਸਾਫ਼ ਮੋਰਚਾ 1 ਅਕਤੂਬਰ ਨੂੰ ਮੁੱਖ ਮੰਤਰੀ ਤੇ ਗਵਰਨਰ ਹਾਊਸ ਵਲ ਰਿਹਾਈ ਮਾਰਚ ਕਰੇਗਾ : ਭਾਈ ਪਾਲ ਸਿੰਘ ਫ਼ਰਾਂਸ
Panthak News: ਕਿਹਾ, ਬੀਜੇਪੀ ਅਤੇ ‘ਆਪ’ ਬੰਦੀ ਸਿੰਘਾਂ ਦੀ ਰਿਹਾਈ ਰੋਕਣ ਲਈ ਜ਼ੁੰਮੇਵਾਰ
Panthak News: ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਮੁੱਚਾ ਖ਼ਾਲਸਾ ਪੰਥ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀਆਂ ਹਨ, ਇਸੇ ਤਰ੍ਹਾਂ ਕੌਮੀ ਇਨਸਾਫ਼ ਮੋਰਚੇ ਵਲੋਂ ਲਗਭਗ ਪੌਣੇ 2 ਸਾਲਾਂ ਤੋਂ ਲਗਾਤਾਰ ਪੱਕਾ ਮੋਰਚਾ ਲੱਗਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ, ਸਖ਼ਤ ਕਾਨੂੰਨ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਵਿਚ ਬੀਜੇਪੀ ਅਤੇ ਪੰਜਾਬ ਵਿਚ ‘ਆਪ’ ਪਾਰਟੀ ਦੀ ਸਰਕਾਰ ਵਲੋਂ ਨਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਤੀਆਂ ਜਾ ਰਹੀਆਂ ਹਨ ਅਤੇ ਨਾ ਹੀ 30-30 , 32-32 ਸਾਲਾਂ ਤੋਂ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਸੋ ਕੇਂਦਰ ਦਾ 1947 ਤੋਂ ਹੀ ਰਵਈਆ ਪੰਜਾਬ ਅਤੇ ਸਿੱਖ ਕੌਮ ਪ੍ਰਤੀ, ਮਾੜਾ ਹੀ ਰਿਹਾ ਹੈ।
ਇਸ ਲਈ ਅਸੀ ਪ੍ਰੈੱਸ ਰਾਹੀਂ ਸਮੁੱਚੇ ਪੰਜਾਬ ਅਤੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ ਦਸਣਾ ਚਾਹੁੰਦੇ ਹਾਂ ਕਿ 1 ਅਕਤੂਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗਵਰਨਰ ਹਾਊਸ ਅਤੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਵਲ ਬੰਦੀ ਸਿੰਘ ਰਿਹਾਈ ਮਾਰਚ ਕੀਤਾ ਜਾਵੇਗਾ। ਸੋ ਸਮੁੱਚੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਇਸ ਰਿਹਾਈ ਮਾਰਚ ਵਿਚ ਜ਼ਰੂਰ ਹਿੱਸਾ ਲੈਣ। ਇਸ ਮੌਕੇ ਬਾਪੂ ਗੁਰਚਰਨ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਗੁਰਿੰਦਰ ਸਿੰਘ ਬਾਜਵਾ, ਭਾਈ ਬਲਬੀਰ ਸਿੰਘ ਬੈਰੋਂਪੁਰ, ਵਕੀਲ ਗੁਰਸ਼ਰਨ ਸਿੰਘ ਧਾਲੀਵਾਲ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਭਾਈ ਬਲਜੀਤ ਸਿੰਘ ਭਾਊ , ਭਾਈ ਸੁੱਖ ਗਿੱਲ ਮੋਗਾ ਆਦਿ ਹਾਜ਼ਰ ਸਨ।