Punjab government ਦੀ ਧਾਰਮਿਕ ਕੰਮਾਂ ’ਚ ਦਖਲਅੰਦਾਜ਼ੀ ਨੂੰ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ : ਸ਼੍ਰੋਮਣੀ ਕਮੇਟੀ ਮੈਂਬਰਾਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ : ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ’ਚ ਕਰ ਰਹੀ ਹੈ ਸਿਆਸਤ 

Panth will never accept Punjab government's interference in religious affairs: Shiromani Committee members

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਹੈ, ਜਿਸ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਅਮਰਜੀਤ ਸਿੰਘ ਭਲਾਈਪੁਰ ਨੇ ਜਾਰੀ ਇਕ ਬਿਆਨ ਵਿਚ ਕੀਤਾ। ਮੈਂਬਰ ਸਾਹਿਬਾਨ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਜਾਂਚ ਕਮੇਟੀ ਨੇ ਕੀਤੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਡਾ. ਈਸ਼ਰ ਸਿੰਘ ਦੀ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਕੁਝ ਸਿੱਖ ਵਿਦਵਾਨਾਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਕੋਲ ਪਹੁੰਚ ਕੀਤੀ ਸੀ ਕਿ ਇਹ ਮਾਮਲਾ ਸ੍ਰੀ ਗੁਰੂ ਗੰਥ ਸਾਹਿਬ ਜੀ ਨਾਲ ਜੁੜਿਆ ਹੋਇਆ ਹੈ ਇਸ ਲਈ ਇਸ ਬਾਰੇ ਕੋਈ ਵੀ ਪੁਲਿਸ ਕਾਰਵਾਈ ਨਾ ਕੀਤੀ ਜਾਵੇ, ਸਗੋਂ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਵਿਚ ਇਹ ਸਪੱਸ਼ਟ ਹੈ ਕਿ ਇਹ ਮਾਮਲਾ ਕੁਝ ਮੁਲਾਜਮਾਂ ਵੱਲੋਂ ਕੀਤੀ ਪੈਸਿਆਂ ਦੀ ਹੇਰਾਫੇਰੀ ਅਤੇ ਅਣਗਹਿਲੀ ਦਾ ਹੈ, ਇਸ ਨੂੰ ਸਰੂਪ ਗੁੰਮ ਹੋਣ ਅਤੇ ਬੇਅਦਬੀ ਵਜੋਂ ਪ੍ਰਚਾਰ ਕੇ ਸੰਗਤਾਂ ਨੂੰ ਗੁੰਮਰਾਹ ਨਹੀਂ ਕਰਨਾ ਚਾਹੀਦਾ।

ਉਨ੍ਹਾਂ ਕਿਹਾ ਕਿ ਉਸ ਵੇਲੇ ਕਾਂਗਰਸ ਪਾਰਟੀ ਦੀ ਸਰਕਾਰ ਸੀ ਅਤੇ ਉਨ੍ਹਾਂ ਵੱਲੋਂ ਸਿਆਸੀ ਮੁਫ਼ਾਦਾਂ ਲਈ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤੇ ’ਤੇ ਭਾਈ ਬਲਦੇਵ ਸਿੰਘ ਵਡਾਲਾ ਰਾਹੀਂ ਧਰਨਾ ਲਗਾਇਆ ਗਿਆ ਸੀ। ਹੁਣ ਆਮ ਆਦਮੀ ਪਾਰਟੀ ਨਾਲ ਸਬੰਧਤ ਪੰਜਾਬ ਵਿਧਾਨ ਸਭਾ ਦੇ ਸਪੀਕਰ, ਮੰਤਰੀ ਅਤੇ ਵਿਧਾਇਕ ਵੱਲੋਂ ਇਸ ਧਰਨੇ ਵਿਚ ਪਹੁੰਚ ਕੇ ਆਪਣੇ ਸਿਆਸੀ ਲਾਹੇ ਲਈ ਪੁਲਿਸ ਨੂੰ ਐਫ.ਆਈ.ਆਰ. ਦਰਜ ਕਰਨ ਲਈ ਕਹਿਣਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਹੈ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀਆਂ ਨੂੰ ਛੁਪਾਉਣ ਲਈ ਸਿੱਖ ਭਾਵਨਾਵਾਂ ਨਾਲ ਖੇਡਣ ਤੋਂ ਗੁਰੇਜ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਬਾਰ-ਬਾਰ ਡਰਾਮੇ ਕਰਕੇ ਲੋਕਾਂ ਦਾ ਧਿਆਨ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਪਾਸੇ ਨਹੀਂ ਕੀਤਾ ਜਾ ਸਕਦਾ, ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੋਈ ਕਾਰਵਾਈ ਤੋਂ ਬਾਅਦ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਾ ਕੀਤੀ ਜਾਵੇ। ਉਨ੍ਹਾਂ ਪ੍ਰਸ਼ਾਸਨਿਕ ਅਧਿਅਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਸਿਆਸੀ ਹਿੱਤਾਂ ਲਈ ਅਜਿਹੀ ਕਿਸੇ ਵੀ ਕਾਰਵਾਈ ਲਈ ਭਾਗੀਦਾਰ ਨਾ ਬਣਨ।