ਹਰਿਆਣਾ ਸਰਕਾਰ ਸੂਬੇ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ: ਭਾਈ ਲੌਂਗੋਵਾਲ
ਮ੍ਰਿਤਕ ਸਿੱਖ ਦੇ ਪ੍ਰਵਾਰ ਨੂੰ ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਦਾ ਕੀਤਾ ਐਲਾਨ
ਪਟਿਆਲਾ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦਵਾਰਾ ਸਾਹਿਬ 'ਤੇ ਦੰਗਾਕਾਰੀਆਂ ਵਲੋਂ ਘੱਟ ਗਿਣਤੀ ਸਿੱਖਾਂ ਦੇ ਲੋਕਾਂ 'ਤੇ ਕੀਤੇ ਹਮਲੇ ਨੂੰ ਸੋਚੀ ਸਮਝੀ ਸਾਜ਼ਸ਼ ਕਰਾਰ ਦਿੰਦਿਆਂ ਹਰਿਆਣਾ ਸਰਕਾਰ ਤੋਂ ਮਾਰੇ ਗਏ ਸਿੱਖ ਪੀੜਤ ਪਰਵਾਰ ਨੂੰ ਇਨਸਾਫ਼ ਦਿਤੇ ਜਾਣ ਅਤੇ ਦੰਗਾਕਾਰੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਭਾਈ ਲੌਂਗੋਵਾਲ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ਼ ਜ਼ਖ਼ਮੀਆਂ ਦਾ ਪਤਾ ਲੈਣ ਮੌਕੇ ਗੱਲਬਾਤ ਕਰ ਰਹ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ: ਸ਼ਮਸ਼ੇਰ ਸਿੰਘ ਦੇ ਪੀੜਤ ਪਰਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਕ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਾਈ ਲੌਂਗਾਵਾਲ ਨੇ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰਿਆਣਾ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਸਬੰਧੀ ਮੁਕੰਮਲ ਤੱਥ ਜਾਣਨ ਲਈ ਪੜਤਾਲ ਕਰਵਾਈ ਜਾ ਰਹੀ ਹੈ ਤਾਂ ਜੋ ਸਥਾਨਕ ਸਿੱਖਾਂ ਦੀ ਮਦਦ ਲਈ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।