Hola Mohalla: ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਹੋਇਆ ਆਗ਼ਾਜ਼

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਪਹਿਲੇ ਦਿਨ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਮੱਥਾ ਟੇਕਿਆ

Hola Mohalla

Hola Mohalla: ਖ਼ਾਲਸਾ ਪੰਥ ਦੇ ਪਾਵਨ ਅਸਥਾਨ, ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿਖ ਕੌਮ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਖ਼ਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਇਸ ਪਾਵਨ ਤਿਉਹਾਰ ਦੇ ਪਹਿਲੇ ਦਿਨ ਸੰਗਤਾਂ ਲੱਖਾਂ ਦੀ ਤਾਦਾਦ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਮੱਥਾ ਟੇਕਿਆ।

ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਲੋਂ ਹੋਲਾ ਮਹੱਲਾ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ, ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਮਹੱਲੇ ਵਾਲੇ ਦਿਨ ਪੈਣਗੇ ਅਤੇ ਉਸੇ ਦਿਨ ਖ਼ਾਲਸਾਈ ਰਵਾਇਤਾਂ ਮੁਤਾਬਕ ਮਹੱਲਾ ਕਢਿਆ ਜਾਵੇਗਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਬੜੇ ਹੀ ਜੋਸ਼ੋ ਖਰੋਸ਼ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਇਆ ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋਂ ਅਤੇ ਵਹਿਮਾਂ, ਭਰਮਾਂ, ਪਖੰਡਾਂ ਤੋਂ ਦੂਰ ਰਹੋ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦਆਂ ਅੰਮ੍ਰਿਤ ਛਕ ਕੇ ਖ਼ਾਲਸਾ ਪ੍ਰਵਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ।

ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਡਾ. ਦਿਲਜੀਤ ਸਿੰਘ ਭਿੰਡਰ ਆਦਿ ਹਾਜ਼ਰ ਸਨ।

(For more Punjabi news apart from hola mohalla shri anandpur sahib news, stay tuned to Rozana Spokesman)