SGPC ਨੇ ਸ੍ਰੀ ਦਰਬਾਰ ਸਾਹਿਬ ਅੰਦਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ

Darbar Sahib

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਰਾਹੀਂ ਚਲਾਏ ਜਾਂਦੇ ਗੁਰਮਤਿ ਸੰਗੀਤ ਵਿਦਿਆਲਿਆਂ ਅਤੇ ਮਿਸ਼ਨਰੀ ਕਾਲਜਾਂ ਵਿਚ ਕੀਰਤਨ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦਾ ਅਭਿਆਸ ਲਾਜ਼ਮੀ ਕਰਨ ਲਈ ਆਖਿਆ ਹੈ।

SGPC

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 3 ਮਈ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਇਕ ਗੁਰਮਤਾ ਕਰਕੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਸਾਲ ਦੇ ਸਮੇਂ ਅੰਦਰ ਕੀਰਤਨ ਦੌਰਾਨ ਤੰਤੀ ਸਾਜ਼ ਲਾਗੂ ਕਰਨ ਦਾ ਆਦੇਸ਼ ਕੀਤਾ ਹੈ।

Darbar Sahib

ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਨਵੇਂ ਰਾਗੀ ਜਥੇ ਤਿਆਰ ਕਰਨ ਸਮੇਂ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੰਗੀਤ ਵਿਦਿਆਲਿਆਂ ਵਿਚ ਤੰਤੀ ਸਾਜ਼ਾਂ ਦੇ ਅਧਿਆਪਕਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।

Giani Harpreet Singh

ਰਮਦਾਸ ਨੇ ਦੱਸਿਆ ਕਿ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਕੋਲ ਤੰਤੀ ਸਾਜ਼ਾਂ ਨਾਲ ਕੀਰਤਨ ਕਰਨ ਵਾਲੇ ਕੁਝ ਜਥੇ ਪਹਿਲਾਂ ਹੀ ਮੌਜੂਦ ਹਨ ਅਤੇ ਭਵਿੱਖ ਵਿਚ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਤੰਤੀ ਸਾਜ਼ ਵਾਦਕ ਰਾਗੀ ਜਥਿਆਂ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ, ਪਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਸੰਜੀਦਗੀ ਨਾਲ ਲੈਂਦਿਆਂ ਭਵਿੱਖ ਵਿਚ ਤੰਤੀ ਸਾਜ਼ਾਂ ਨੂੰ ਕੀਰਤਨ ਸਮੇਂ ਤਰਜੀਹੀ ਤੌਰ ’ਤੇ ਲਾਗੂ ਕਰਨ ਲਈ ਕਿਹਾ ਹੈ।