ਸ਼੍ਰੋਮਣੀ ਕਮੇਟੀ ਜੋਧਪੁਰ ਜੇਲ 'ਚ ਬੰਦ ਰਹੇ ਸਿੱਖਾਂ ਨਾਲ ਹਰ ਸਮੇਂ ਖੜੀ : ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

,ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜੇਲ 'ਚ ਬੰਦੀ ਰਹੇ ...

Bhai Gobind Singh Longowal Talking with Others

ਅੰਮ੍ਰਿਤਸਰ,ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜੇਲ 'ਚ ਬੰਦੀ ਰਹੇ ਸਿੱਖਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜ਼ੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਕ ਵਿਸ਼ੇਸ਼ ਸੈੱਲ ਸਥਾਪਤ ਕਰਨ ਦਾ ਐਲਾਨ ਵੀ ਕੀਤਾ। ਸ਼੍ਰੋਮਣੀ ਕਮੇਟੀ ਪਹਿਲਾਂ ਵੀ ਜੋਧਪੁਰ ਜੇਲ ਵਿਚ ਨਜ਼ਰਬੰਦ ਰਹੇ ਸਿੱਖਾਂ ਨਾਲ ਸੀ ਅਤੇ ਅਗਾਂਹ ਵੀ ਰਹੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇਕ ਸਬ ਕਮੇਟੀ ਵੀ ਬਣਾ ਦਿਤੀ ਗਈ ਹੈ ਜਿਸ ਵਿਚ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਸਥਾਪਤ ਕੀਤੇ ਜਾਣ ਵਾਲੇ ਵਿਸ਼ੇਸ਼ ਸੈੱਲ ਵਿਚ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਪ੍ਰੀਤਪਾਲ ਸਿੰਘ, ਟਰੱਸਟ ਵਿਭਾਗ ਦੇ ਇੰਚਾਰਜ,

ਸ. ਗੁਰਦਰਸ਼ਨ ਸਿੰਘ ਸਾਬਕਾ ਵਧੀਕ ਸਕੱਤਰ ਤੇ ਸ. ਹਰਦੀਪ ਸਿੰਘ ਘੁੰਗਰਾਲੀ ਸਾਬਕਾ ਮੁਲਾਜ਼ਮ ਸ਼੍ਰੋਮਣੀ ਕਮੇਟੀ ਸੇਵਾਵਾਂ ਨਿਭਾਉਣਗੇ। ਉਨ੍ਹਾਂ ਜੋਧਪੁਰ ਜੇਲ ਕੱਟ ਚੁਕੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਅਪਣੀ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ। ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ 'ਤੇ ਕਰਵਾਏ ਗਏ ਫ਼ੌਜੀ ਹਮਲੇ ਸਮੇਂ 365 ਸਿੱਖਾਂ ਨੂੰ ਗ੍ਰਿਫ਼ਤਾਰ ਕਰ ਕੇ ਜੋਧਪੁਰ ਜੇਲ ਵਿਚ ਨਜ਼ਰਬੰਦ ਕਰ ਦਿਤਾ ਗਿਆ ਸੀ

ਪਰ ਇਨ੍ਹਾਂ ਵਿਚੋਂ ਕੇਵਲ 40 ਸਿੰਘਾਂ ਨੂੰ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਕੇਂਦਰ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਹੀ ਮੁਆਵਜ਼ਾ ਦਿਵਾਉਣ ਲਈ ਯਤਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਜੋਧਪੁਰ ਜੇਲ ਨਾਲ ਸਬੰਧਤ ਸਿੱਖਾਂ ਨੂੰ ਸਹਾਇਤਾ ਦਿਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਅਨੇਕਾਂ ਜੋਧਪੁਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਦਿਤੀਆਂ ਗਈਆਂ ਹਨ। 

ਕੇਂਦਰ ਸਰਕਾਰ ਵਲੋਂ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਵਿਰੁਧ ਹਾਈ ਕੋਰਟ ਵਿਚ ਅਪੀਲ ਮਾਮਲੇ 'ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਾਂਝੇ ਵਫ਼ਦ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਹ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਜਾ ਚੁਕੀ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਮਾਮਲੇ ਦਾ ਉਹ ਜਲਦੀ ਹੀ ਹੱਲ ਕੱਢਣਗੇ।

ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਵੱਖ-ਵੱਖ ਸਿੱਖ ਮਸਲੇ ਉਠਾਏ ਗਏ ਸਨ। ਉਨ੍ਹਾਂ ਦਸਿਆ ਕਿ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਡੇਰਾ ਬਾਬਾ ਨਾਨਕ ਤੋਂ ਖੁੱਲ੍ਹਾ ਲਾਂਘਾ ਦੇਣ, ਸਿੱਖ ਰੈਂਫ਼ਰੈਂਸ ਲਾਇਬ੍ਰੇਰੀ ਦਾ ਜੂਨ 1984 ਦੌਰਾਨ ਲੁਟਿਆ ਖ਼ਜ਼ਾਨਾ ਵਾਪਸ ਕਰਨ, ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ,

ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਘੱਟ-ਗਿਣਤੀ ਦਰਜਾ ਦੇਣ, ਸਿੱਕਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਦਾ ਮਸਲਾ ਹੱਲ ਕਰਨ ਤੋਂ ਇਲਾਵਾ ਸ਼ਿਲਾਂਗ ਵਿਚ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ ਗਈ ਸੀ। ਭਾਈ ਲੌਂਗੋਵਾਲ ਅਨੁਸਾਰ ਇਨ੍ਹਾਂ ਸਿੱਖ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਂ-ਪੱਖੀ ਹੁਗਾਰਾ ਭਰਿਆ ਹੈ।