ਗਿਆਨੀ ਪੂਰਨ ਸਿੰਘ ਦੇ ਦੇਹਾਂਤ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਸ਼ੋਕ ਇਕੱਤਰਤਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦਫ਼ਤਰ ਬਾਅਦ ਦੁਪਹਿਰ ਅਫ਼ਸੋਸ ਵਜੋਂ ਰਹੇ ਬੰਦ

Gathering at Shiromani Committee office on the death of Giani Puran Singh

ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ। ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ ਤੇ ਸ. ਅਵਤਾਰ ਸਿੰਘ ਸੈਂਪਲਾ ਨੇ ਵੀ ਜਥੇਦਾਰ ਦੇ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗਵਾਲ ਨੇ ਆਖਿਆ ਹੈ ਕਿ ਗਿਆਨੀ ਪੂਰਨ ਸਿੰਘ ਸਿੱਖ ਪੰਥ ਦੀ ਉੱਘੀ ਧਾਰਮਕ ਸ਼ਖ਼ਸੀਅਤ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਗਿਆਨੀ ਪੂਰਨ ਸਿੰਘ ਨਮਿਤ ਸ਼ੋਕ ਇਕੱਤਰਤਾ ਕੀਤੀ ਗਈ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਵਿਛੜੀ ਰੂਹ ਨੂੰ ਸ਼ਰਧਾ ਭੇਟ ਕਰਦਿਆਂ ਅਰਦਾਸ ਕੀਤੀ। ਸ਼ੋਕ ਇਕੱਤਰਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗਿਆਨੀ ਪੂਰਨ ਸਿੰਘ ਨੂੰ ਨਾਮ ਸਿਮਰਨ ਦੇ ਰੰਗ ਵਿਚ ਰੰਗੀ ਰੂਹ ਆਖਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਹਾਜ਼ਰ ਸੀ। ਇਸੇ ਦੌਰਾਨ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ।