ਕਰਤਾਰਪੁਰ ਲਾਂਘੇ ਨੂੰ ਲੈ ਕੇ ਅਰਦਾਸ ਪੂਰੀ ਹੋਣ ਦਾ ਸਮਾਂ ਨੇੜੇ ਆਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਧਾਰਮਿਕ ਸਮਾਗਮ

Gurmat Samagam for Kartarpur Corridor Completion

ਡੇਰਾ ਬਾਬਾ ਨਾਨਕ: ਹਰ ਸਿੱਖ ਇਹੀ ਅਰਦਾਸ ਕਰ ਰਿਹਾ ਹੈ ਕਿ ਕਦੋਂ ਕਰਤਾਪੁਰ ਸਾਹਿਬ ਦਾ ਲਾਂਘਾ ਖੁੱਲ੍ਹੇ ਅਤੇ ਉਹ ਬਾਬਾ ਨਾਨਕ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ। ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਨੇਤਾ ਹਰਪਾਲ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਸਮੇਤ ਕਈ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

 ਇਸ ਮੌਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਦੇ ਹੀ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਜੋਤੀ ਜੋਤਿ ਸਮਾਏ ਸਨ ਅਤੇ ਉਹ ਪੰਜਾਬ ਸਰਕਾਰ ਵੱਲੋਂ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਏ ਹਨ। ਸੰਤ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਸੰਤ ਸਮਾਜ ਅਤੇ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਅਦਰਾਸ ਕੀਤੀ ਗਈ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜੋ ਸਾਲਾਂ ਤੋਂ ਲੋਕ ਅਰਦਾਸ ਕਰਦੇ ਆ ਰਹੇ ਹਨ, ਉਹ ਹੁਣ ਪੂਰੀ ਹੋਣ ਜਾ ਰਹੀ ਹੈ।

ਉਥੇ ਹੀ ਵਿਰੋਧੀ ਪਾਰਟੀ ਆਪ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਇਸ ਸਮਾਗਮ ਵਿਚ ਪੁੱਜੇ ਅਤੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਅਪਣੇ ਸਿਆਸੀ ਵਿਰੋਧੀਆਂ 'ਤੇ ਸ਼ਬਦੀ ਹਮਲਾ ਬੋਲਦੇ ਹੋਏ ਆਖਿਆ ਕਿ ਅਕਾਲੀ ਅਤੇ ਕਾਂਗਰਸੀ ਦੋਵੇਂ ਇਕ ਦੂਜੇ ਨਾਲ ਮਿਲੇ ਹੋਏ ਹਨ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਤਾਂ ਸਿੱਖਾਂ ਨੂੰ ਉਸ ਦਿਨ ਦੀ ਉਡੀਕ ਹੈ ਜਦੋਂ ਇਹ ਲਾਂਘਾ ਖੁੱਲ੍ਹੇਗਾ ਅਤੇ ਉਹ ਸ੍ਰੀ ਕਰਤਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।