ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਰ ਸਾਲ 4 ਦਸੰਬਰ ਨੂੰ ਮਨਾਇਆ ਜਾਵੇਗਾ ‘ਸੀਸ ਸਸਕਾਰ ਦਿਵਸ’

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਗੁਰਦੁਆਰਾ ਸੀਸ ਗੰਜ ਸਾਹਿਬ ਉਹ ਇਤਿਹਾਸ ਅਤੇ ਪਵਿੱਤਰ ਅਸਥਾਨ ਹੈ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸੀਸ ਦਾ ਸਸਕਾਰ ਕੀਤਾ ਸੀ।

Sis Saskar Diwas will be celebrated at Gurdwara Sri Sis Ganj Sahib Every year on 4th December

 

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ 4 ਦਸੰਬਰ ਨੂੰ ਸੀਸ ਸਸਕਾਰ ਦਿਵਸ ਮਨਾਇਆ ਜਾਵੇਗਾ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਿੱਥੇ ਵੱਖ-ਵੱਖ ਸਥਾਨਾਂ ’ਤੇ ਸਮਾਗਮ ਆਯੋਜਿਤ ਹੁੰਦੇ ਹਨ, ਉੱਥੇ ਹੀ ਸੰਗਤ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵੱਡਾ ਸਮਾਗਮ ਕਰਵਾਉਣ ਦੀ ਮੰਗ ਉੱਠਦੀ ਆ ਰਹੀ ਸੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਵੱਡਾ ਫੈਸਲਾ ਲੈਂਦਿਆਂ ਹਰ ਸਾਲ 4 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਸਸਕਾਰ ਦਿਵਸ ਮਨਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ 4 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਇਹ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ, ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਪੰਥ ਦੇ ਮਹਾਨ ਕੀਰਤਨੀਏ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਵੱਡੀ ਗਿਣਤੀ ਦੇ ਵਿਚ ਸੰਤ ਮਹਾਂਪੁਰਸ਼ ਸ਼ਿਰਕਤ ਕਰਨਗੇ। ਦੱਸ ਦੇਈਏ ਕਿ ਗੁਰਦੁਆਰਾ ਸੀਸ ਗੰਜ ਸਾਹਿਬ ਉਹ ਇਤਿਹਾਸ ਅਤੇ ਪਵਿੱਤਰ ਅਸਥਾਨ ਹੈ, ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਸੀਸ ਦਾ ਸਸਕਾਰ ਕੀਤਾ ਸੀ।