ਰਾਸ਼ਟਰਪਤੀ ਕੋਵਿੰਦ 12 ਅਤੇ ਗ੍ਰਹਿ ਮੰਤਰੀ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਪਹੁੰਚਣਗੇ: ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ

Gobind Singh Longowal

ਮਾਲੇਰਕੋਟਲਾ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸਾਂਝੇ ਤੌਰ 'ਤੇ ਮਨਾਉਣ ਦਾ ਐਲਾਨ ਕਰਦਿਆਂ ਲੰਘੀ ਦੇਰ ਰਾਤ ਇਥੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਪੂਰੇ ਵਿਸ਼ਵ ਅੰਦਰ ਦੇਣ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਇਹ ਇਤਿਹਾਸਕ ਸਮਾਗਮ ਸਾਂਝੇ ਤੌਰ 'ਤੇ ਹੀ ਮਨਾਏ ਜਾਣਗੇ।

ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਸ਼ੇਰਪੁਰ ਨਾਲ ਪਹੁੰਚੇ ਭਾਈ ਲੌਂਗੋਵਾਲ ਮੁਤਾਬਕ ਗੁਰਦਵਾਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਸਾਹਮਣੇ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਆਯੋਜਤ ਕੀਤੇ ਜਾਣ ਵਾਲੇ ਇਤਿਹਾਸਕ ਸਮਾਗਮਾਂ ਵਿਚ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ 12 ਨਵੰਬਰ ਨੂੰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 11 ਨਵੰਬਰ ਨੂੰ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਦੇ ਸਮੇਂ ਬਾਰੇ ਪੀ.ਐਮ.ਓ. ਵਲੋਂ ਉਨ੍ਹਾਂ ਦੀ ਵਿਦੇਸ਼ ਯਾਤਰਾ ਤੋਂ ਵਾਪਸੀ 'ਤੇ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਜਾਵੇਗਾ।

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪੂਰੇ ਵਿਸ਼ਵ ਅੰਦਰ ਆਯੋਜਤ ਕੀਤੇ ਜਾ ਰਹੇ ਸਮਾਗਮਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਭਾਈ ਲੌਂਗੋਵਾਲ ਨੇ ਦਸਿਆ ਕਿ ਨੇਪਾਲ ਸਰਕਾਰ ਵਲੋਂ 27 ਸਤੰਬਰ ਨੂੰ ਕਾਠਮੰਡੂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮਾਂ ਵਿਚ ਉਹ ਖ਼ੁਦ ਸ਼ਾਮਲ ਹੋਣਗੇ ਜਿਥੇ ਨੇਪਾਲ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਿੱਕਾ ਜਾਰੀ ਕੀਤਾ ਜਾਵੇਗਾ। ਉੜੀਸਾ ਦੇ ਸ਼ਹਿਰ ਜਗਨਨਾਥਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਯਾਦਗਾਰੀ ਅਸਥਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦੀਆਂ ਖ਼ਬਰਾਂ ਨੂੰ ਕੋਰੀਆਂ ਅਫ਼ਵਾਹਾਂ ਦਸਦਿਆਂ ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਖ਼ਬਰਾਂ ਦੀ ਸਚਾਈ ਜਾਨਣ ਲਈ ਸ਼੍ਰੋਮਣੀ ਕਮੇਟੀ ਵਲੋਂ ਗਠਤ ਕੀਤੀ ਇਕ ਤਿੰਨ ਮੈਂਬਰੀ ਸਬ ਕਮੇਟੀ ਨੇ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਹੈ ਅਤੇ ਇਸ ਕਮੇਟੀ ਦੀ ਰੀਪੋਰਟ ਮੁਤਾਬਕ ਉੱਥੇ ਕਿਸੇ ਵੀ ਗੁਰ ਅਸਥਾਨ ਜਾਂ ਯਾਦਗਾਰ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਹੋਈ, ਸਗੋਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਦੇ ਆਲੇ ਦੁਆਲੇ ਨੂੰ ਖ਼ੂਬਸੂਰਤ ਬਣਾਉਣ ਦੀ ਕਾਰਵਾਈ ਕੀਤੀ ਗਈ ਹੈ।