ਗਿਆਨੀ ਹਰਪ੍ਰੀਤ ਸਿੰਘ ਵਿਰੁਧ ਸੋਸ਼ਲ ਮੀਡੀਆ 'ਤੇ ਚਲ ਰਹੀ ਮੁਹਿੰਮ ਨੂੰ ਲੌਂਗੋਵਾਲ ਨੇ ਦਸਿਆ ਮੰਦਭਾਗਾ
ਗਿਆਨੀ ਹਰਪ੍ਰੀਤ ਸਿੰਘ ਬੇਦਾਗ਼ ਸ਼ਖ਼ਸੀਅਤ ਦੇ ਮਾਲਕ : ਭਾਈ ਲੌਂਗੋਵਾਲ..........
ਤਰਨਤਾਰਨ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁਧ ਸੋਸ਼ਲ ਮੀਡੀਆ 'ਤੇ ਚਲ ਰਹੀ ਮੁਹਿੰਮ ਨੂੰ ਮੰਦਭਾਗਾ ਦਸਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੁੱਝ ਲੋਕਾਂ ਦੀ ਅਕਾਲ ਪੁਰਖ ਵਲੋਂ ਡਿਊਟੀ ਹੀ ਅਜਿਹੀ ਹੁੰਦੀ ਹੈ ਕਿ ਉਨ੍ਹਾਂ ਨੂੰ ਚੰਗੇ ਕੰਮ ਵਿਚ ਵੀ ਨੁਕਸ ਨਜ਼ਰ ਆ ਜਾਂਦੇ ਹਨ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪੜ੍ਹੇ ਲਿਖੇ, ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਹਨ। ਪਰ ਕੁੱਝ ਲੋਕ ਅਜਿਹੀ ਸ਼ਖ਼ਸੀਅਤ ਵਿਰੁਧ ਟਿਪਣੀਆਂ ਕਰ ਕੇ ਅਪਣੀ ਅਕਲ ਦਾ ਜਨਾਜ਼ਾ ਕਢ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੜੀ ਸੋਚ ਵਿਚਾਰ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ 'ਤੇ ਸਹਿਮਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਸਿਰਫ਼ ਇਕ ਹੀ ਨਾਮ 'ਤੇ ਵਿਚਾਰ ਕੀਤਾ ਤੇ ਸਰਬਸੰਮਤੀ ਨਾਲ ਫ਼ੈਸਲਾ ਲਿਆ।
ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪੰਥਕ ਏਕਤਾ ਦੇ ਮੁਦਈ ਹਨ ਤੇ ਸਾਰਿਆਂ ਨੂੰ ਨਾਲ ਲੈ ਕੇ ਚਲਣ ਦੇ ਹਾਮੀ ਹਨ। ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਬੇਲੋੜਾ ਇਤਰਾਜ਼ ਕਰਨ ਦੀ ਬਜਾਏ ਉਨ੍ਹਾਂ ਦੇ ਕੰਮਕਾਰ ਦੀ ਸ਼ੈਲੀ ਵੇਖਣੀ ਚਾਹੀਦੀ ਹੈ ਫਿਰ ਹੀ ਕੋਈ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਿੱਖ ਜਥੇਬੰਦੀਆਂ ਦੀ ਰਾਏ ਨਾਲ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਜਾਵੇਗਾ।