Panthak News: ਡਿਬਰੂਗੜ੍ਹ ਜੇਲ ’ਚ ਨਜ਼ਰਬੰਦ ਸਿੱਖਾਂ ਸਬੰਧੀ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਯਕੀਨੀ ਬਣਾਏ ਜਾਣ, ਪੰਜਾਬ ਦੇ ਜੇਲ ’ਚ ਕੀਤਾ ਜਾਵੇ ਤਬਦੀਲ : ਐਡਵੋਕੇਟ ਧਾਮੀ

Harjinder Singh Dhami

Panthak News: ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਦੇ ਮਾਮਲਿਆਂ ਸਬੰਧੀ ਅਤੇ ਉਨ੍ਹਾਂ ਦੇ ਪ੍ਰਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਆਖਿਆ ਕਿ ਡਿਬਰੂਗੜ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰ ਅਤੇ ਉਨ੍ਹਾਂ ਦੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਆਖਿਆ ਕਿ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਤੁਰਤ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ ਵਿਚ ਤਬਦੀਲ ਕਰਨਾ ਚਾਹੀਦਾ ਹੈ। ਅਪਣੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰਵਾਰਾਂ ਵਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਿੱਖ ਨੌਜਵਾਨਾਂ ਨੂੰ ਜੇਲ ਅੰਦਰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਰਾਂ ਅਨੁਸਾਰ ਨਜ਼ਰਬੰਦ ਸਿੱਖਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹਈਆ ਨਹੀਂ ਕਰਵਾਈਆਂ ਜਾ ਰਹੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਪ੍ਰਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਿਸੂਸ ਹੁੰਦਾ ਹੈ ਕਿ ਜਿਵੇਂ ਜੇਲ ਅੰਦਰ ਇਨ੍ਹਾਂ ਨੌਜਵਾਨਾਂ ਵਿਰੁਧ ਕੋਈ ਸਾਜ਼ਸ਼ ਘੜੀ ਜਾ ਰਹੀ ਹੋਵੇ। ਉਨ੍ਹਾਂ ਆਖਿਆ ਕਿ ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਤੁਰਤ ਪੰਜਾਬ ਦੀ ਜੇਲ ਵਿਚ ਤਬਦੀਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।