ਕੁੰਵਰਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ 'ਚ ਵਾਪਸੀ ਨਾਲ ਪੀੜਤ ਪਰਵਾਰ ਅਤੇ ਪੰਥਦਰਦੀ ਖ਼ੁਸ਼

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਦਲਾਂ ਦੀ ਜਾਂਚ 'ਚ ਅੜਿੱਕੇ ਪਾਉਣ ਵਾਲੀ ਕਾਰਵਾਈ ਤੋਂ ਪੀੜਤ ਪਰਵਾਰ ਨਾਰਾਜ਼

IG Kunwar Vijay Pratap Singh

ਕੋਟਕਪੂਰਾ : ਬਰਗਾੜੀ, ਬਹਿਬਲ ਕਲਾਂ, ਕੋਟਕਪੂਰਾ ਵਿਖੇ ਵਾਪਰੀਆਂ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਵਾਪਸੀ ਦੀ ਖ਼ਬਰ ਨਾਲ ਪੀੜਤ ਪਰਵਾਰਾਂ, ਪੰਥਦਰਦੀਆਂ ਅਤੇ ਆਮ ਲੋਕਾਂ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਪੰਜਾਬ ਸਰਕਾਰ ਦੇ ਇਕ ਬੁਲਾਰੇ ਅਨੁਸਾਰ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ਼ ਪੁਲਿਸ, ਸੰਗਠਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਕੁੰਵਰਵਿਜੇ ਪ੍ਰਤਾਪ ਪਹਿਲਾਂ ਵਾਂਗ ਹੀ ਐਸ ਆਈ ਟੀ ਦੇ ਮੈਂਬਰ ਵਜੋਂ ਕੰਮ ਕਰਨਗੇ। ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ ਨੂੰ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਅਨੇਕਾਂ ਸਖ਼ਤ ਜ਼ਖ਼ਮੀ ਹੋ ਗਏ ਸਨ।

ਪਿੰਡ ਸਰਾਵਾਂ ਦੇ ਸ਼ਹੀਦ ਹੋਏ ਨੌਜਵਾਨ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਅਤੇ ਪਿੰਡ ਨਿਆਮੀਵਾਲਾ ਦੇ ਸ਼ਹੀਦ ਕਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਦਸਿਆ ਕਿ ਭਾਵੇਂ ਪਹਿਲਾਂ ਤਤਕਾਲੀਨ ਬਾਦਲ ਸਰਕਾਰ ਨੇ ਵੀ ਜਸਟਿਸ ਜ਼ੋਰਾ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਅਤੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਹੇਠ ਐਸਆਈਟੀ ਦੀ ਗਠਨ ਕੀਤਾ ਸੀ ਪਰ ਪੀੜਤ ਪਰਵਾਰਾਂ ਦੇ ਜ਼ਖ਼ਮਾਂ 'ਤੇ ਮੱਲਮ ਲਾਉਣ ਦੀ ਕੋਈ ਆਸ ਦਿਖਾਈ ਨਾ ਦਿਤੀ। 

ਉਨ੍ਹਾਂ ਦਸਿਆ ਕਿ ਬਾਅਦ 'ਚ ਜਸਟਿਸ ਮਾਰਕੰਡੇ ਕਾਟਜੂ ਦੀ ਅਗਵਾਈ ਹੇਠ ਪੀਪਲਜ਼ ਕਮਿਸ਼ਨ ਨੇ ਵੀ ਨਿਰਪੱਖ ਜਾਂਚ ਕਰ ਕੇ ਬਾਦਲ ਸਰਕਾਰ ਨੂੰ ਸੌਂਪੀ ਜਿਸ ਨੂੰ ਬਾਦਲ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਦੀ ਤਰ੍ਹਾਂ ਮੰਨਣ ਤੋਂ ਇਨਕਾਰ ਕਰ ਦਿਤਾ। ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਗਠਨ ਕੀਤਾ ਅਤੇ ਉਸ ਜਾਂਚ ਰੀਪੋਰਟ ਦੀ ਡੂੰਘਾਈ ਤਕ ਪਹੁੰਚਣ ਲਈ ਏਡੀਜੀਪੀ ਪ੍ਰਮੋਦ ਬਾਨ ਅਤੇ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਅਗਵਾਈ 'ਚ ਐਸਆਈਟੀ ਬਣਾਈ ਤਾਂ ਪੀੜਤ ਪਰਵਾਰਾਂ ਨੂੰ ਇਨਸਾਫ਼ ਦੀ ਆਸ ਜਾਗੀ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਬਾਦਲਾਂ ਨੂੰ ਪੀੜਤ ਪਰਵਾਰਾਂ ਦੀ ਹਾਲਤ 'ਤੇ ਰਹਿਮ ਕਰਨ ਦੀ ਬਜਾਇ ਐਸਆਈਟੀ ਵਲੋਂ ਕੀਤੀ ਜਾ ਰਹੀ ਜਾਂਚ 'ਚ ਅੜਿੱਕਾ ਪਾਉਣ ਵਾਲੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ।