ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਦੌੜ ਵਿਚ ਕਈ ਸ਼ਖ਼ਸਤੀਆਂ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਛੇਤੀ ਹੀ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਸਾਹਮਣੇ ਹੋਵੇਗਾ

Patna Sahib Gurudwara

ਅੰਮ੍ਰਿਤਸਰ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਜਿਥੇ ਪੰਥਕ ਹਲਕਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੈ, ਉਥੇ ਅਨਗਿਣਤ ਪੰਥਕ ਸ਼ਖ਼ਸੀਅਤਾਂ ਇਸ ਅਹੁਦੇ 'ਤੇ ਬਿਰਾਜਮਾਨ ਹੋਣ ਦੀ ਦੌੜ ਵਿਚ ਹਨ। ਆਖ਼ਰੀ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪੀ੍ਰਤ ਸਿੰਘ ਅਤੇ ਤਖ਼ਤ ਸਾਹਿਬ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਕਰਨਾ ਹੈ। 

ਅਕਾਲ ਤਖ਼ਤ ਸਾਹਿਬ ਤੋਂ ਨਵੇਂ ਜਥੇਦਾਰ ਬਾਰੇ ਫ਼ੈਸਲਾ ਲੈਣ ਲਈ ਇਕ ਕਮੇਟੀ ਦਾ ਗਠਨ ਕੀਤਾ ਸੀ ਜਿਸ ਵਿਚ ਚਾਰ ਕਮੇਟੀਆਂ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਬੋਰਡ ਦੇ ਪ੍ਰਧਾਨਾਂ ਦੇ ਨਾਲ-ਨਾਲ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਸੀ। ਇਸ ਕਮੇਟੀ ਦਾ ਕੋਆਰਡੀਨੇਟਰ ਸੁਰਿੰਦਰ ਸਿੰਘ ਰੁਮਾਲੇ ਵਾਲਿਆਂ ਨੂੰ ਬਣਾਇਆ ਗਿਆ ਸੀ।

ਇਸ ਸੂਚੀ ਵਿਚ ਇੰਟਰਨੈਸ਼ਨਲ ਪ੍ਰਚਾਰਕ ਭਾਈ ਰਣਜੀਤ ਸਿੰਘ ਗ਼ੋਹਰ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਦੇ ਨਾਲ-ਨਾਲ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਤਖ਼ਤ ਸਾਹਿਬ ਦੇ ਹੈਡ ਪ੍ਰਚਾਰਕ ਭਾਈ ਸੁਖਦੇਵ ਸਿੰਘ, ਤਖ਼ਤ ਸਾਹਿਬ ਦੇ ਸਾਬਕਾ ਐਡੀਸ਼ਨਲ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਦਾ ਨਾਂ ਚਰਚਾ ਵਿਚ ਹੈ। ਦਸਿਆ ਜਾ ਰਿਹਾ ਹੈ ਕਿ ਕਮੇਟੀ ਦੇ ਕੋਆਰਡੀਨੇਟਰ  ਸੁਰਿੰਦਰ ਸਿੰਘ ਰੁਮਾਲੇ ਵਾਲੇ ਨਵੇਂ ਜਥੇਦਾਰ ਦੀ ਚੋਣ ਲਈ ਸਿੱਖ ਜਥੇਬੰਦੀਆਂ ਨਾਲ ਸਲਾਹ ਕਰ ਰਹੇ ਹਨ ਤੇ ਛੇਤੀ ਹੀ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਸਾਹਮਣੇ ਹੋਵੇਗਾ।