ਹਵਾਰਾ ਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਭੇਜਣ ਕੇਜਰੀਵਾਲ:  ਜੀ ਕੇ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕੈਪਟਨ ਸਰਕਾਰ ਵਲੋਂ 4 ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮਾਫ਼ੀ ਦਾ ਮਾਮਲਾ

Manjit Singh GK

ਨਵੀਂ ਦਿੱਲੀ : ਪੰਜਾਬ ਦੀ ਕੈਪਟਨ ਸਰਕਾਰ ਵਲੋਂ ਸਿੱਖ ਨੌਜਵਾਨ ਹਰਜੀਤ ਸਿੰਘ ਦਾ ਪੁਲਿਸ ਮੁਕਾਬਲਾ ਬਣਾਉਣ ਵਾਲੇ 4 ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮਾਫ਼ੀ ਕਰਨ ਪਿਛੋਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਿੰਘ ਜੀ ਕੇ ਨੇ ਮੰਗ ਕੀਤੀ ਹੈ ਕਿ ਇਸ ਫ਼ੈਸਲੇ ਦੇ ਆਧਾਰ 'ਤੇ ਹੁਣ ਜੇਲਾਂ ਵਿਚ ਡੱਕੇ ਹੋਏ ਸਿੱਖ ਸਿਆਸੀ ਬੰਦੀਆਂ ਦੀ ਰਿਹਾਈ ਦਾ ਰਾਹ ਵੀ ਪਧਰਾ ਕੀਤਾ ਜਾਵੇ ਤੇ ਉਨ੍ਹਾਂ ਨੂੰ ਜੇਲਾਂ 'ਚੋਂ ਬਾਹਰ ਲਿਆਇਆ ਜਾਵੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ ਕੇ ਨੇ ਕਿਹਾ ਕਿ ਬਾਦਲ ਸਰਕਾਰ ਵੇਲੇ ਸਜ਼ਾਯਾਫ਼ਤਾ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਮਾਫ਼ੀ ਦੇਣ ਦਾ ਜੋ ਅਮਲ ਸ਼ੁਰੂ ਹੋਇਆ ਸੀ, ਉਸ ਨੂੰ ਕੈਪਟਨ ਸਰਕਾਰ ਨੇ ਤੋੜ ਤਕ ਨਿਭਾਇਆ ਹੈ। ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਤੁਰਤ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰ ਕੇ,  ਤਿਹਾੜ ਜੇਲ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ, ਭਾਈ ਦਇਆ ਸਿੰਘ ਲਾਹੌਰੀਆ ਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਦਾ ਰਾਹ ਖੋਲ੍ਹੇ।

ਸਿੱਖ ਬੰਦੀਆਂ ਦੀ ਰਿਹਾਈ ਹੋਣ ਨਾਲ ਕੌਮ ਦਾ ਸੰਵਿਧਾਨ ਤੇ ਕਾਨੂੰਨ 'ਤੇ ਭਰੋਸਾ ਵੱਧੇਗਾ। ਭਾਵੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਸ ਮਾਮਲੇ ਵਿਚ ਉਨ੍ਹਾਂ ਦਾ ਕੋਈ ਹੱਥ ਨਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜੀ ਕੇ ਨੇ ਕਿਹਾ ਕਿ ਅਕਾਲੀ ਦਲ ਨੇ ਪੰਥ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਅਪਣੀ ਸਰਕਾਰ ਵੇਲੇ ਤਾਂ ਸਿੱਖ ਬੰਦੀਆਂ ਦੀ ਰਿਹਾਈ ਲਈ ਇਨ੍ਹਾਂ ਕੱਖ ਭੰਨ੍ਹ ਕੇ ਦੂਹਰਾ ਨਹੀਂ ਕੀਤਾ ਤੇ ਹੁਣ ਗੁਮਰਾਕੁਨ ਬਿਆਨ ਦੇ ਕੇ, ਸਿੱਖ ਨੂੰ ਮੂਰਖ ਬਣਾ ਰਹੇ ਹਨ।