Gurdev Singh Kaunke Case: ਗੁਰਦੇਵ ਸਿੰਘ ਕਾਉਂਕੇ ਕਤਲ ਮਾਮਲਾ; ਇਨਸਾਫ਼ ਲਈ ਪਰਵਾਰ ਨੇ ਕੀਤਾ ਅਦਾਲਤ ਦਾ ਰੁਖ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼ਿਕਾਇਤ 'ਚ ਸਾਬਕਾ DGP ਸਮੇਤ 16 ਪੁਲਿਸ ਮੁਲਾਜ਼ਮਾਂ ਦੇ ਨਾਂ

Gurdev Singh Kaunke

Gurdev Singh Kaunke Case: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਦੌਰਾਨ ਕਥਿਤ ਤੌਰ ਉਤੇ ਹੋਈ ਮੌਤ ਦੇ ਮਾਮਲੇ ਵਿਚ ਉਨ੍ਹਾਂ ਦਾ ਪਰਵਾਰ ਇਨਸਾਫ਼ ਲਈ ਅਦਾਲਤ ਪਹੁੰਚਿਆ ਹੈ। ਮਿਲੀ ਜਾਣਕਾਰੀ ਅਨੁਸਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਵਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਇਸ ਅਪੀਲ ਜ਼ਰੀਏ ਜਥੇਦਾਰ ਕਾਉਂਕੇ ਦੇ ਪੁੱਤਰ ਹਰੀ ਸਿੰਘ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਬੀਤੇ ਦਿਨੀਂ ਹੀ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਕਾਉਂਕੇ ਦੇ ਪਰਵਾਰ ਨਾਲ ਮੁਲਾਕਾਤ ਕੀਤੀ ਸੀ। ਪਰਵਾਰ ਨੇ ਥਾਣਾ ਸਦਰ ਜਗਰਾਉਂ ਵਿਖੇ ਇਕ ਸ਼ਿਕਾਇਤ ਦਿਤੀ ਹੈ, ਜਿਸ ਵਿਚ ਸਾਬਕਾ ਡੀ.ਜੀ.ਪੀ. ਸਣੇ 16 ਪੁਲਿਸ ਮੁਲਾਜ਼ਮਾਂ ਦੇ ਨਾਂਅ ਸ਼ਾਮਲ ਹਨ।

ਐਡਵੋਕੇਟ ਪੂਰਨ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਨੂੰ ਦਸਿਆ ਕਿ ਇਸ ਮਾਮਲੇ ਵਿਚ ਜਲਦ ਕਾਰਵਾਈ ਹੋਣ ਦੀ ਉਮੀਦ ਹੈ। ਇਸ ਦੌਰਾਨ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁਧ ਸਖ਼ਤ ਕਾਰਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਭਾਈ ਕਾਉਂਕੇ ਦੇ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਕਾਰਵਾਈ ਰੀਪੋਰਟ ਤਲਬ ਕੀਤੀ ਸੀ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ 1992-93 ਵਿਚ ਪੁਲਿਸ ਵਲੋਂ ਕੋਹ-ਕੋਹ ਕੇ ਮਾਰਨ ਦੇ ਇਲਜ਼ਾਮ ਲੱਗੇ ਸਨ। ਤਤਕਾਲੀ ਕਾਂਸਟੇਬਲ ਦਰਸ਼ਨ ਸਿੰਘ ਹਠੂਰ ਇਸ ਮਾਮਲੇ ਦੇ ਇਕੋ-ਇਕ ਵੱਡੇ ਗਵਾਹ ਹਨ। ਉਨ੍ਹਾਂ ਨੇ ਹਾਲ ਹੀ ਵਿਚ ਨਸ਼ਰ ਹੋਈ ਰੀਪੋਰਟ ਵਿਚ ਵੀ ਅਪਣੇ ਬਿਆਨ ਦਰਜ ਕਰਵਾਏ ਹਨ। ਦਰਸ਼ਨ ਸਿੰਘ ਨੇ ਰੋਜ਼ਾਨਾ ਸਪੋਕਸਮੈਨ ਨਾਲ ਇੰਟਰਵਿਊ ਦੌਰਾਨ ਭਾਈ ਕਾਉਂਕੇ ਉਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਗੁਰਦੇਵ ਸਿੰਘ ਕਾਉਂਕੇ ਦੇ ਪਤਨੀ ਨੇ ਵੀ ਰੋਜ਼ਾਨਾ ਸਪੋਕਸਮੈਨ ਜ਼ਰੀਏ ਉਸ ਸਮੇਂ ਦੇ ਹਾਲਾਤ ਬਿਆਨ ਕੀਤੇ ਸਨ। ਉਨ੍ਹਾਂ ਵਲੋਂ ਸਿੱਧੇ ਤੌਰ ’ਤੇ ਜਗਰਾਉਂ ਦੇ ਤਤਕਾਲੀ ਐੱਸਐੱਸਪੀ ਸਵਰਨ ਸਿੰਘ ਘੋਟਣੇ ਉਤੇ ਇਲਜ਼ਾਮ ਲਾਗਏ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।