Panthak News: ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਣਾਉਣ ’ਤੇ ਧਾਮੀ ਨੇ ਇਤਰਾਜ਼ ਪ੍ਰਗਟਾਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫ਼ੈਸਲਾ ਤੁਰਤ ਵਾਪਸ ਲੈਣ ਲਈ ਕਿਹਾ ਹੈ।

Harjinder Singh Dhami

Panthak News: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫ਼ੈਸਲਾ ਤੁਰਤ ਵਾਪਸ ਲੈਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟ੍ਰਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅੱਗੇ ਜਾਣ ਦਿਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ।

ਉਨ੍ਹਾਂ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।