ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ‘ਤੇ ਕਰਾਸ ਕੇਸ ਦਰਜ ਕਰਨਾ ਨਿੰਦਣਯੋਗ -ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਰਕਾਰ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ

Bhai Gobind singh Longowal

ਅੰਮ੍ਰਿਤਸਰ :  ਪਿਛਲੇ ਦਿਨੀਂ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਦੇ ਵਿਚਕਾਰ ਹੋਈ ਖੂਨੀ ਝੜਪ ਤੋਂ ਬਆਦ ਸਤਿਕਾਰ ਕਮੇਟੀ ਦੇ ਮੈਂਬਰਾਂ ‘ਤੇ ਦਰਜ ਮੁਕੱਦਮਿਆਂ ਤੋਂ ਬਆਦ ਪੁਲਿਸ ਵੱਲੋਂ ਕਰਾਸ ਕੇਸ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ 'ਚ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ 'ਤੇ ਕਰਾਸ ਕੇਸ ਦਰਜ ਕਰਨ ਦੀ ਕਾਰਵਾਈ ਕਰਨਾ ਪੰਜਾਬ ਸਰਕਾਰ ਦੀ ਪੰਥ ਵਿਰੋਧੀ ਸੋਚ ਦਾ ਸਿੱਟਾ ਹੈ । ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ  ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਬਦਨਾਮ ਕਰਨਾ ਚਾਹੁੰਦੀ ਹੈ, ਜੋ ਬਰਦਾਸਤ ਕਰਨ ਯੋਗ ਨਹੀਂ ਹੈ ।

ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਦੇ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਉਹ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਵੀ ਵਰਤ ਰਹੇ ਸਨ । ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਦੁਪਹਿਰ ਸਮੇਂ ਲੰਗਰ ਛਕਣ ਲਈ ਜਾ ਰਹੇ ਮੁਲਾਜ਼ਮਾਂ ਨੂੰ ਰੋਕਿਆ ਅਤੇ ਫਿਰ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਇਸ 'ਚ ਅੱਧੀ ਦਰਜਨ ਮੁਲਾਜ਼ਮਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕੀਤਾ ਗਿਆ । ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ਼ ਕਰਾਸ ਕੇਸ ਦਰਜ ਕਰ ਦੇਣਾ ਸਿੱਖ ਸੰਸਥਾ ਪ੍ਰਤੀ ਵਿਰੋਧੀ ਭਾਵਨਾ ਨੂੰ ਪ੍ਰਗਟ ਕਰਨ ਵਾਲੀ ਕਾਰਵਾਈ ਹੈ । ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ,ਸਰਕਾਰ ਦੇ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ।

Related Stories