ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਦੋਹਾਂ ਦੇਸ਼ਾਂ ਵਿਚ ਸ਼ਾਂਤੀ ਕਾਇਮ ਕਰਨ ਲਈ ਇਸ ਨਗਰ ਕੀਰਤਨ ਨੇ ਅਹਿਮ ਭੂਮਿਕਾ ਨਿਭਾਉਣੀ ਹੈ : ਗਿਆਨੀ ਹਰਪ੍ਰੀਤ ਸਿੰਘ

500 Sikh pilgrims cross Pak for Guru Nanak Dev's 550th birth celebrations

ਅੰਮ੍ਰਿਤਸਰ/ਅਟਾਰੀ : ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ 508 ਸਿੱਖ ਯਾਤਰੀਆਂ ਦਾ ਇਕ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਲ ਰਵਾਨਾ ਹੋਇਆ। ਜਥੇ ਵਿਚ ਤਖ਼ਤਾਂ ਦੇ ਜਥੇਦਾਰ, ਵੱਖ-ਵੱਖ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਆਮ ਸ਼ਰਧਾਲੂ ਸ਼ਾਮਲ ਸਨ। ਇਹ ਸਾਰੇ ਯਾਤਰੂ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗੱਸਤ ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਸੜਕੀ ਰਸਤੇ ਰਾਹੀਂ ਪਾਕਿਸਤਾਨ ਗਏ ਹਨ। 

ਭਾਰਤ-ਪਾਕਿ ਵੰਡ ਤੋਂ ਬਾਅਦ ਅਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ 1 ਅਗੱਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ। ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਨਗਰ ਕੀਰਤਨ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਅਰੰਭ ਹੋ ਕੇ ਸ਼ਾਮ ਅੰਮ੍ਰਿਤਸਰ ਪੁੱਜੇਗਾ ਤੇ ਫਿਰ ਭਾਰਤ ਦੇ ਵੱਖ ਵੱਖ ਰਾਜਾਂ ਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪੁੱਜੇਗਾ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਵਿਚ ਸ਼ਾਂਤੀ ਕਾਇਮ ਕਰਨ ਲਈ ਇਸ ਨਗਰ ਕੀਰਤਨ ਨੇ ਅਹਿਮ ਭੂਮਿਕਾ ਨਿਭਾਉਣੀ ਹੈ।

ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦਿਨ ਦਾ ਬੜਾ ਵੱਡਾ ਇਤਿਹਾਸਕ ਮਹੱਤਵ ਸਾਹਮਣੇ ਆਵੇਗਾ। ਨਗਰ ਕੀਰਤਨ ਬਾਰੇ ਆ ਰਹੀਆਂ ਮੁਸ਼ਕਲਾਂ ਬਾਰੇ ਬੋਲਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਪੱਤਰ ਭੇਜ ਦਿਤਾ ਸੀ। ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਤਾਰਾ ਸਿੰਘ ਨੇ ਜਵਾਬ ਵੀ ਦਿਤਾ ਸੀ ਤੇ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਯਕੀਨ ਦਿਵਾਇਆ ਸੀ। ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਮਾਨ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿਤ, ਹਜ਼ੂਰ ਸਾਹਿਬ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿੰਘ ਸਭਾਵਾਂ ਦੇ ਆਗੂ ਅਤੇ ਸੰਗਤਾਂ ਸ਼ਾਮਲ ਸਨ। 

ਪਾਕਿਸਤਾਨ ਵਿਚ ਜਥੇ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ
ਮਣੀ ਕਮੇਟੀ ਵਲੋਂ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੱਢੇ ਜਾ ਰਹੇ ਨਗਰ ਕੀਰਤਨ ਲਈ ਪਾਕਿਸਤਾਨ ਗਏ ਜਥੇ ਦਾ ਗੁਰਦਵਾਰਾ ਜਨਮ ਅਸਥਾਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ,ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ, ਜਰਨਲ ਸਕੱਤਰ ਸ. ਅਮੀਰ ਸਿੰਘ, ਗੁਰਦਵਾਰਾ ਡੇਹਰਾ ਸਾਹਿਬ ਦੇ ਕੇਅਰ ਟੇਕਰ ਅਜ਼ਹਰ ਅਬਾਸ ਨੇ ਸਵਾਗਤ ਕੀਤਾ। ਇਸ ਮੌਕੇ ਸਤਵੰਤ ਸਿੰਘ ਨੇ ਫੁੱਲਾਂ ਦੇ ਹਾਰ, ਗੁਲਦਸਤੇ ਅਤੇ ਫੁੱਲਾਂ ਦੀ ਵਰਖਾ ਕਰ ਕੇ ਜਥੇ ਨੂੰ ਜੀ ਆਇਆਂ ਨੂੰ ਕਿਹਾ।

ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਮਹਾਰਾਸ਼ਟਰ ਕਮੇਟੀ, ਬਿਹਾਰ ਕਮੇਟੀ ਦੇ ਪ੍ਰਧਾਨ ਸਾਹਿਬਾਨ ਦੇ ਨਾਲ-ਨਾਲ ਵੱਖ ਵੱਖ ਧਾਰਮਕ, ਰਾਜਨੀਤਕ ਅਤੇ ਸਭਾ ਸੁਸਾਇਟੀਆਂ ਦੇ ਆਗੂ ਸਾਹਿਬਾਨ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਹਨ। ਵਾਹਗਾ ਸਰਹੱਦ 'ਤੇ ਲੰਗਰ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ ਤੇ ਯਤਾਰੀਆਂ ਨੂੰ ਤਰ੍ਹਾਂ ਤਰ੍ਹਾਂ ਦੇ ਪਕਵਾਨ ਪੇਸ਼ ਕੀਤੇ ਗਏ। ਯਾਤਰੀਆਂ ਨੂੰ ਨਨਕਾਣਾ ਸਾਹਿਬ ਤਕ ਲਿਜਾਣ ਲਈ ਸਪੈਸ਼ਲ ਬਸਾਂ ਦਾ ਵੀ ਪ੍ਰਬੰਧ ਸੀ।