ਫ਼ਿਲਮ ਯਾਰੀਆਂ ਦੀ ਟੀਮ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ
ਫ਼ਿਲਮ ਨਿਰਮਾਤਾਵਾਂ ਨੂੰ ਟ੍ਰੇਲਰ ਦੀ ਬਰੋਡਕਾਸਿੰਗ ਰੋਕਣ ਲਈ ਕਿਹਾ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਯਾਰੀਆਂ-2 ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਲੀਗਲ ਨੋਟਿਸ ਭੇਜਿਆ ਹੈ। ਇਸ ਵਿਚ ਕਮੇਟੀ ਨੇ ਉਨ੍ਹਾਂ ਨੂੰ ਗੈਰ-ਅੰਮ੍ਰਿਤਧਾਰੀ ਅਦਾਕਾਰ ਨੂੰ ਕ੍ਰਿਪਾਨ ਧਾਰਨ ਕਰਾ ਕੇ ਸਿੱਖ ਕਰਾਰਾਂ ਦੀ ਬੇਅਦਬੀ ਕਰਨ ਲਈ ਤੁਰੰਤ ਮੁਆਫ਼ੀ ਮੰਗਣ ਜਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਲਈ ਕਿਹਾ ਹੈ।
ਇਹ ਵੀ ਪੜ੍ਹੋ: ਬਿਹਾਰ: ਸੜਕ ਹਾਦਸੇ ਦੌਰਾਨ ਇਕੋ ਪ੍ਰਵਾਰ ਦੇ 7 ਜੀਆਂ ਦੀ ਮੌਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਫ਼ਿਲਮ ਦੀ ਮਸ਼ਹੂਰੀ ਲਈ ਨਿਰਮਾਤਾਵਾਂ ਵਲੋਂ ਅਜਿਹੀ ਛੇੜਛਾੜ ਕੀਤੀ ਜਾ ਰਹੀ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕਮੇਟੀ ਵਲੋਂ ਅਜਿਹੀਆਂ ਘਟਨਾਵਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਦਸਿਆ ਕਿ ਇਸ ਕਾਨੂੰਨੀ ਨੋਟਿਸ ਰਾਹੀਂ ਨਿਰਮਾਤਾਵਾਂ ਤੇ ਨਿਰਦੇਸ਼ਕਾਂ ਨੂੰ ਕਿਹਾ ਗਿਆ ਕਿ ਉਹ ਤੁਰੰਤ ਇਸ ਟ੍ਰੇਲਰ ਦੀ ਬਰੋਡਕਾਸਿੰਗ ਰੋਕਣ ਅਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਟੀਮ ਨੂੰ ਸਿੱਖ ਕੌਮ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਇਸ ਦੇ ਨਾਲ ਹੀ ਭਵਿੱਖ ਵਿਚ ਅਜਿਹੀ ਕੁਤਾਹੀ ਕਰਨ ਤੋਂ ਗੁਰੇਜ਼ ਕਰਨ ਦਾ ਭਰੋਸਾ ਦਿਵਾਉਣ ।
ਇਹ ਵੀ ਪੜ੍ਹੋ: ਤਹਿਸੀਲਦਾਰਾਂ ਦੀ ਕਲਮਛੋੜ ਹੜਤਾਲ ਨੂੰ ਲੈ ਕੇ CM ਭਗਵੰਤ ਮਾਨ ਦੀ ਚਿਤਾਵਨੀ
ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜੇਕਰ ਨਿਰਮਾਤਾਵਾਂ ਵਲੋਂ ਨੋਟਿਸ ਉਤੇ ਕੋਈ ਜਵਾਬ ਨਹੀਂ ਦਿਤਾ ਗਿਆ ਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਿਲਮ ਨੂੰ ਰਿਲੀਜ਼ ਹੋਣ ਤੋਂ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਦਿੱਲੀ ਕਮੇਟੀ ਨੇ ਮੰਗ ਕੀਤੀ ਕਿ ਸੈਂਸਰ ਬੋਰਡ ਵਿਚ ਇਕ ਸਿੱਖ ਭਾਈਚਾਰੇ ਦਾ ਨੁਮਾਇੰਦਾ ਹੋਣਾ ਚਾਹੀਦਾ ਹੈ, ਜਿਸ ਨੂੰ ਸਿੱਖ ਧਰਮ ਅਤੇ ਇਤਿਹਾਸ ਦੀ ਸਮਝ ਹੋਵੇ ਤਾਂ ਜੋ ਅਜਿਹੀਆਂ ਘਟਨਾਵਾਂ ਵਾਰ-ਵਾਰ ਨਾ ਵਾਪਰੇ।