ਸਿੱਖ ਕੈਦੀਆਂ ਦੀ ਰਿਹਾਈ ਬਾਰੇ ਕੇਂਦਰ ਤੇ ਸੂਬਾ ਸਰਕਾਰ ਦਾ ਫ਼ੈਸਲਾ ਠੀਕ ਦਿਸ਼ਾ ਵਿਚ : ਬਾਬਾ ਬਲਬੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਬਾ ਬਲਬੀਰ ਸਿੰਘ ਨੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਬਾਕੀ ਸਿੱਖ ਕੈਦੀਆਂ ਬਾਰੇ ਵੀ ਤੁਰਤ ਫ਼ੈਸਲਾ ਲੈਣ ਦੀ ਮੰਗ ਕੀਤੀ

Baba Balbir Singh

ਅੰਮ੍ਰਿਤਸਰ : ਕੇਂਦਰ ਸਰਕਾਰ ਨੇ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਵਾਗਤ ਕੀਤਾ ਹੈ ਅਤੇ ਬਾਕੀ ਸਿੱਖ ਕੈਦੀਆਂ ਬਾਰੇ ਵੀ ਤੁਰਤ ਫ਼ੈਸਲਾ ਲੈਣ ਦੀ ਮੰਗ ਕੀਤੀ ਹੈ।

ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਹੁਕਮ ਦੇਣੇ ਇਕ ਚੰਗਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪੁਰਬ 'ਤੇ ਪੰਜਾਬ ਦੀਆਂ ਵੱਖ-ਵੱਖ ਜੇਲਾਂ ਵਿਚੋਂ 550 ਕੈਦੀ ਵਿਸ਼ੇਸ਼ ਰਿਆਇਤ ਦੇ ਕੇ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੇਲਾਂ ਵਿਚ ਸਿੱਖ ਕੈਦੀਆਂ ਦੀ ਰਿਹਾਈ ਲਈ ਸਿੱਖ ਪੰਥ ਸਮੇਂ-ਸਮੇਂ ਮੰਗ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾੜਕੂ ਲਹਿਰ ਸਮੇਂ ਫੜੇ ਗਏ ਬਾਕੀ ਕੈਦੀਆਂ ਦੀ ਵੀ ਰਿਹਾਈ ਹੋਣੀ ਚਾਹੀਦੀ ਹੈ। ਇਹ ਸਾਰੇ ਕੈਦੀ ਕਿਸੇ ਨਿਜੀ ਲੜਾਈ ਦੇ ਕਾਰਨ ਜੇਲਾਂ ਵਿਚ ਬੰਦ ਨਹੀਂ ਹਨ।