ਅਕਤੂਬਰ ਵਿਚ ਆਰੰਭ ਹੋਵੇਗਾ ਨੇਪਾਲ ਤੋਂ ਭਾਰਤ ਤਕ ਪਹਿਲਾ ਇੰਟਰਨੈਸ਼ਨਲ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ.) ਵਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ.....

First International Nagar Kirtan from Nepal to India will be started in October

ਅੰਮ੍ਰਿਤਸਰ : ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ (ਯੂ.ਐਸ.ਏ.) ਵਲੋਂ ਜਥੇਬੰਦੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਅਕਤੂਬਰ ਵਿਚ ਕਾਠਮਾਂਡੂ ਨੇਪਾਲ ਤੋਂ ਅਰੰਭਿਆ ਜਾਵੇਗਾ, ਜੋ ਡੇਰਾ ਬਾਬਾ ਨਾਨਕ ਗੁਰਦਾਸਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁੱਜੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਦਫ਼ਤਰ ਵਿਖੇ ਪੁੱਜੇ ਅਮਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰ ਕੇ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ

ਕਿ ਪਹਿਲਾ ਮਹਾਨ ਇੰਟਰਨੈਸ਼ਨਲ ਨਗਰ ਕੀਰਤਨ ਨੇਪਾਲ ਕਾਠਮਾਂਡੂ ਤੋਂ ਅਰੰਭ ਹੋ ਕੇ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਦੋ ਹਜ਼ਾਰ ਕਿਲੋਮੀਟਰ ਦੀ ਯਾਤਰਾ ਤਹਿ ਕਰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਪੰਜਾਬ) ਵਿਖੇ ਪੁੱਜੇਗਾ। ਭਾਈ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਆਰੰਭੇ ਜਾਣ ਵਾਲੇ ਨਗਰ ਕੀਰਤਨ ਦੀ ਸ਼ਲਾਘਾ ਕਰਦਿਆਂ ਕਿਹਾ

ਕਿ ਇਸ ਨਗਰ ਕੀਰਤਨ ਰਾਹੀਂ ਬਾਬੇ ਨਾਨਕ ਦੀਆਂ ਸਿਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਹੈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ।