ਇਕ ਹੋਰ ਬੇਅਦਬੀ: ਹੁਣ ਫਗਵਾੜਾ ’ਚ ਖਿੱਲਰੇ ਮਿਲੇ ਸ੍ਰੀ ਗੁਟਕਾ ਸਾਹਿਬ ਦੇ ਅੰਗ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਿੱਖ ਆਗੂਆਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।

Sri Gutka Sahib Beadbi at Phagwara

 

ਫਗਵਾੜਾ: ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸਿਟੀ ਥਾਣੇ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਖੰਡਰ ਬਣੀ ਪੁਰਾਣੇ ਸਿਵਲ ਹਸਪਤਾਲ ਦੀ ਇਮਾਰਤ ਨੇੜਿਓਂ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਜਦਕਿ ਇਕ ਗੁਟਕਾ ਸਾਹਿਬ ਦਰੱਖਤ ਉੱਤੇ ਫਸਿਆ ਮਿਲਿਆ।

ਇਸ ਦੀ ਜਾਣਕਾਰੀ ਉਹਨਾਂ ਨੇ ਸਥਾਨਕ ਲੋਕਾਂ ਨੂੰ ਦਿੱਤੀ, ਜਿਸ ਮਗਰੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ ਗਈ। ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਹੁੰਚੇ। ਸਿੱਖ ਆਗੂਆਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਹੈ।

ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਲਟੀਮੇਟ ਦਿੱਤਾ ਹੈ। ਇਸ ਮਗਰੋਂ ਐਤਵਾਰ ਨੂੰ ਸੰਗਤਾਂ ਵੱਲੋਂ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਸਥਾਨਕ ਸਿੱਖਾਂ ਨੇ ਗੁਟਕਾ ਸਾਹਿਬ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੁਸ਼ੋਭਿਤ ਕਰ ਦਿੱਤਾ ਹੈ।