ਅਮਰੀਕੀ ਸਿੱਖ ਕਰਾਉਣਗੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੈਮੀਨਾਰ'

ਪੰਥਕ, ਪੰਥਕ/ਗੁਰਬਾਣੀ

'ਸ੍ਰੀ ਆਨੰਦਪੁਰ ਸਾਹਿਬ, 23 ਫ਼ਰਵਰੀ (ਸੁਖਵਿੰਦਰਪਾਲ ਸਿੰਘ ਸੁੱਖੂ):   ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਛੇਤੀ ਹੀ ਅਮਰੀਕਾ ਦੇ ਸਿੱਖ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਅਮਰੀਕਾ ਦੀ ਧਰਤੀ 'ਤੇ ਕੌਮਾਂਤਰੀ ਸੈਮੀਨਾਰ ਕਰਵਾਉਣਗੇ। ਇਸ ਦੌਰਾਨ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਮਹਾਨ ਫ਼ਲਸਫ਼ੇ ਨੂੰ ਦੁਨੀਆਂ ਵਿਚ ਪਹੁੰਚਾਉਣ ਸਬੰਧੀ ਵਿਚਾਰ-ਚਰਚਾ ਹੋਵੇਗੀ, ਉਥੇ ਵਿਦੇਸ਼ਾਂ ਵਿਚ ਵਸਦੇ ਸਿੱਖਾਂ ਦੀਆਂ ਸਮੱਸਿਆਵਾਂ ਅਤੇ ਸਿੱਖ ਧਰਮ ਦੀ ਵਖਰੀ ਹੋਂਦ ਨੂੰ ਦੁਨੀਆਂ ਸਾਹਮਣੇ ਪੇਸ਼ ਕਰਨ ਸਬੰਧੀ ਵੀ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਜਾਣਗੇ। 

ਇਹ ਪ੍ਰਗਟਾਵਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਨਿਊ ਯਾਰਕ ਦੇ ਪ੍ਰਧਾਨ ਰਘਵੀਰ ਸਿੰਘ ਸੁਭਾਨਪੁਰ ਨੇ ਕੀਤਾ। ਸ. ਰਘਵੀਰ ਸਿੰਘ ਨੇ ਪਰਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਰਘਵੀਰ ਸਿੰਘ ਸੁਭਾਨਪੁਰ ਨੇ ਅਮਰੀਕੀ ਸਿੱਖਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਗੁਰਮਤਿ ਪ੍ਰਚਾਰ ਲਹਿਰ ਵਿਚ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿਤਾ।