ਦਿੱਲੀ ਗੁਰਦਵਾਰਾ ਕਮੇਟੀ ਦੇ ਖਾਤਿਆਂ ਦੀ ਹੋਵੇ ਪੜਤਾਲ: ਸਰਨਾ ਭਰਾ

ਪੰਥਕ, ਪੰਥਕ/ਗੁਰਬਾਣੀ

ਕੈਗ ਤੋਂ ਪੜਤਾਲ ਕਰਵਾਉਣ ਲਈ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
ਨਵੀਂ ਦਿੱਲੀ, 20 ਫ਼ਰਵਰੀ (ਅਮਨਦੀਪ ਸਿੰਘ) ਤਕਰੀਬਨ 100 ਕਰੋੜ ਰੁਪਏ ਦੇ ਬਜਟ ਵਾਲੀ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ  ਦੇ ਆਰਥਕ ਤੌਰ 'ਤੇ ਦੀਵਾਲੀਆ ਹੋਣ ਦਾ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਮੰਗ ਕੀਤੀ ਹੈ ਕਿ ਸਰਕਾਰ ਕਮੇਟੀ ਦੇ ਖ਼ਾਤਿਆਂ ਦੀ ਪੜਤਾਲ ਕੰਪਟਰੋਲਰ ਜਨਰਲ ਆਫ਼ ਇੰਡੀਆ (ਕੈਗ) ਜਾਂ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਤੋਂ ਕਰਵਾਏ ਜਿਸ ਨਾਲ ਸਪੱਸ਼ਟ ਹੋ ਜਾਵੇਗਾ ਕਿ ਕਮੇਟੀ ਵਿਚ ਭਾਰੀ ਆਰਥਕ ਬੇਨਿਯਮੀਆਂ ਹੋਈਆਂ ਹਨ। ਇਸੇ ਕਾਰਨ ਹੁਣ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਤਨਖ਼ਾਹਾਂ ਲੈਣ ਲਈ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ। ਸਕੂਲ ਭਾਰੀ ਵਿੱਤੀ ਘਾਟੇ ਦਾ ਸ਼ਿਕਾਰ ਹੋ ਚੁਕੇ ਹਨ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਵੀ ਦਾਖ਼ਲ ਕੀਤੀ ਗਈ ਹੋਈ ਹੈ।ਪੱਤਰਕਾਰ ਮਿਲਣੀ ਵਿਚ ਸਰਨਾ ਭਰਾਵਾਂ ਨੇ ਕਿਹਾ ਕਿ ਕਮੇਟੀ ਵਲੋਂ ਸਕੂਲਾਂ ਦੇ ਤਕਰੀਬਨ 400 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਉਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕਮੇਟੀ ਭਾਰੀ ਘਾਟੇ ਵਿਚ ਪੁੱਜ ਗਈ ਹੈ। ਮੁਲਾਜ਼ਮਾਂ ਨੂੰ ਕਿਸੇ ਵੀ ਸੂਰਤ ਵਿਚ ਕਢਣਾ ਨਿਯਮਾਂ ਦੀ ਉਲੰਘਣਾ ਹੈ।