ਅੰਮ੍ਰਿਤਸਰ, 4 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਤ ਅੱਜ ਦਰਬਾਰ ਸਾਹਿਬ ਵਿਖੇ ਲੱਖਾਂ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਪੁੱਜੀ ਸੰਗਤ ਨੇ ਪਾਵਨ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ
ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਇਸ ਮੌਕੇ ਦਰਬਾਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦਵਾਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਦੀਪਮਾਲਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪ੍ਰੰਤ ਦਰਬਾਰ ਸਾਹਿਬ ਵਿਖੇ ਆਤਿਸ਼ਬਾਜੀ ਚਲਾਈ ਗਈ।