ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ 'ਤੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਮੋਦੀ: ਖ਼ਾਲਸਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 24 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਂਟ ਕਰਨ ਲਈ ਸ਼ਹੀਦੀ ਦਿਹਾੜੇ ਵਾਲੇ ਦਿਨ ਹਰ ਸਾਲ ਸਰਕਾਰੀ ਛੁੱਟੀ ਦਾ ਐਲਾਨ ਕਰਨ ਅਤੇ ਉਸ ਦਿਨ ਦੇਸ਼ ਭਰ ਵਿਚ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾਏ ਜਾਣ ਦੀ ਅਪੀਲ ਕੀਤੀ ਹੈ। ਦਿੱਲੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਅਸਥਾਨ ਗੁਰਦਵਾਰਾ ਸ਼ੀਸਗੰਜ ਸਾਹਿਬ ਵਿਖੇ ਸ਼ਹੀਦੀ ਸਮਾਗਮ ਵਿਚ ਹਿੱਸਾ ਲੈਂਦਿਆਂ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ 12:25 'ਤੇ ਹੋਈ ਸੀ, 

ਉਸ ਤੋਂ ਪਹਿਲਾਂ ਗੁਰੂ ਸਾਹਿਬ ਨੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਜਿਸ ਨੂੰ ਵੇਖਦਿਆਂ ਸ਼ਹੀਦੀ ਦਿਹਾੜੇ 'ਤੇ ਹਰ ਸਾਲ ਦੁਪਹਿਰ 12 ਵਜੇ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਪਰੰਪਰਾ ਕਾਇਮ ਕੀਤੀ ਗਈ। ਪ੍ਰੋ. ਸਰਚਾਂਦ ਸਿੰਘ ਵਲੋਂ ਦਿਤੀ ਜਾਣਕਾਰੀ 'ਚ ਇਸ ਮੌਕੇ ਪੂਰੀ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾਉਣ ਪਹੁੰਚੀਆਂ ਹਜ਼ਾਰਾਂ ਸੰਗਤ ਨੂੰ ਸੰਤ ਹਰਨਾਮ ਸਿੰਘ ਖ਼ਾਲਸਾ ਨੇ ਪਿਛਲੇ ਸਾਲ ਦੀ ਤਰਾਂ ਦਿਨ ਦੇ 12 ਵਜੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਆਪ ਸਰਵਨ ਕਰਾਇਆ ਅਤੇ ਅਰਦਾਸ ਉਪ੍ਰੰਤ ਸ਼ਹੀਦੀ ਬਿਰਤਾਂਤ ਸੁਣਾਇਆ।