ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਮੰਗੀ ਜਾਣਕਾਰੀ ਜ਼ਰੂਰ ਦੇਣ : ਨੰਦਗੜ੍ਹ

ਪੰਥਕ, ਪੰਥਕ/ਗੁਰਬਾਣੀ

ਬਰਨਾਲਾ, 30 ਸਤੰਬਰ (ਜਗਸੀਰ ਸਿੰਘ ਸੰਧੂ) : ਸਮੁੱਚੀ ਸਿੱਖ ਕੌਮ ਦੀ ਮੰਗ ਸੀ ਕਿ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਦੀ ਜਾਂਚ ਕਰਵਾਈ ਜਾਵੇ, ਇਸ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਰਗਾੜੀ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਇਸ ਵਿਚ ਅੜਿੱਕੇ ਨਹੀਂ ਖੜੇ ਕੀਤੇ ਜਾਣੇ ਚਾਹੀਦੇ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਹੈ ਕਿ ਜਦੋਂ ਸਿੱਖ ਕੌਮ ਬਰਗਾੜੀ ਕਾਂਡ ਸਬੰਧੀ ਸਚਾਈ ਜਾਣਨਾ ਚਾਹੁੰਦੀ ਹੈ ਤਾਂ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਮਾਮਲੇ ਸਬੰਧੀ ਮੰਗੀ ਜਾਣਕਾਰੀ ਕਮਿਸ਼ਨ ਨੂੰ ਦੇਣੀ ਚਾਹੀਦੀ ਹੈ ਤਾਕਿ ਸੱਚਾਈ ਸਾਹਮਣੇ ਆ ਸਕੇ। ਜਥੇਦਾਰ ਨੰਦਗੜ੍ਹ ਨੇ ਕਿਹਾ ਹੈ ਕਿ ਅਕਾਲ ਸਾਹਿਬ ਸਕੱਤਰੇਤ ਨੂੰ ਵੀ ਮੰਗੀ ਜਾਣਕਾਰੀ ਦੇ ਦੇਣੀ ਚਾਹੀਦੀ ਹੈ ਅਤੇ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ। ਜਥੇਦਾਰ ਨੰਦਗੜ੍ਹ ਨੇ ਪੰਜਾਬ ਦੇ ਲੋਕਾਂ ਖ਼ਾਸਕਰ ਸਿੱਖਾਂ ਦੀ ਇਹ ਪਹਿਲੀ ਮੰਗ ਸੀ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਧਰਤੀ 'ਤੇ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖਾਂ ਸੰਗਤਾਂ 'ਤੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੀ ਘਟਨਾ ਦੀ ਸਰਕਾਰ ਵਲੋਂ ਜਾਂਚ ਕਰਵਾਈ ਜਾਵੇ। ਹੁਣ ਜਦੋਂ ਸਰਕਾਰ ਲੋਕਾਂ ਦੀ ਇਸ ਮੰਗ ਨੂੰ ਮੰਨ ਕੇ ਜਸਟਿਸ ਰਣਜੀਤ ਸਿੰਘ 'ਤੇ ਆਧਾਰਤ ਜਾਂਚ ਕਮਿਸ਼ਨ ਬਣਾ ਕੇ ਇਹ ਜਾਂਚ ਕਰਵਾਉਣ ਲੱਗੀ ਹੈ ਤਾਂ ਇਸ ਮਾਮਲੇ ਨੂੰ ਰਾਜਸੀ ਰੰਗਤ ਦੇ ਕੇ ਜਾਂਚ ਵਿਚ ਸਹਿਯੋਗ ਤੋਂ ਸ਼੍ਰੋਮਣੀ ਕਮੇਟੀ ਦਾ ਭੱਜਣਾ ਲੋਕਾਂ ਵਿਚ ਉਪਜੇ ਕਈ ਤਰ੍ਹਾਂ ਦੇ ਸ਼ੰਕਿਆਂ ਨੂੰ ਸੱਚ ਵਿਚ ਤਬਦੀਲ ਕਰੇਗਾ।
ਜਥੇਦਾਰ ਨੰਦਗੜ੍ਹ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਇਸ ਜਾਂਚ ਵਿਚ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਜੋ ਵੀ ਜਾਣਕਾਰੀ ਜਾਂਚ ਕਮਿਸ਼ਨ ਮੰਗ ਰਿਹਾ ਹੈ, ਉਹ ਜ਼ਰੂਰ ਦੇਣੀ ਚਾਹੀਦੀ ਹੈ ਤਾਂ ਕਿ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ।