ਨਵੇਂ ਸਾਲ ਦੀ ਆਮਦ 'ਤੇ ਸੰਗਤਾਂ ਨੇ ਗੁ. ਦੁਖਨਿਵਾਰਨ ਸਾਹਿਬ ਵਿਖੇ ਟੇਕਿਆ ਮੱਥਾ

ਪੰਥਕ, ਪੰਥਕ/ਗੁਰਬਾਣੀ

ਪਟਿਆਲਾ, 1 ਜਨਵਰੀ (ਜਗਤਾਰ ਸਿੰਘ): ਨਵੇਂ ਸਾਲ ਦੀ ਆਮਦ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਧਾਰਮਕ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਤਕ ਮਹਾਨ ਕੀਰਤਨ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਇਲਾਹੀ ਬਾਣੀ ਦਾ ਕੀਰਤਨ ਸੁਣਾਇਆ। ਤੜਕ ਸਵੇਰ ਤੋਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਕੀਤੀ।ਇਸ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਜੂਰੀ ਰਾਗੀ ਜਥਿਆਂ ਪਾਸੋਂ ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਸੰਗਤਾਂ ਨੇ ਅੰਮ੍ਰਿਤ ਸਰੋਵਰ 'ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ 'ਚ ਹਾਜ਼ਰੀ ਲਗਵਾਈ। ਧਾਰਮਕ ਸਮਾਗਮ ਦੌਰਾਨ ਹਜ਼ੂਰੀ ਰਾਗੀਆਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਤੋਂ ਭਾਈ ਬੋਹੜ ਸਿੰਘ, ਭਾਈ ਸਤਿੰਦਰਬੀਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਅਤੇਂ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣੂੰ ਕਰਵਾਇਆ।