ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਮਹੱਲਾ ਸਜਾਇਆ

ਪੰਥਕ, ਪੰਥਕ/ਗੁਰਬਾਣੀ

ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਸੁਰਜੀਤ ਸਿੰਘ ਸਾਹੀ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਸ਼ਹਾਦਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੂਸਤਾਨ, ਵਿਸ਼ਵ ਦੀ ਅਗਵਾਈ ਵਿਚ ਪੁਰਾਤਨ ਰੀਤਾਂ ਅਨੁਸਾਰ ਵਿਸ਼ਾਲ ਮਹੱਲਾ ਸਜਾਇਆ ਗਿਆ ਜਿਸ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਹੱਲੇ ਵਿਚ ਸ਼ਾਮਲ ਹੋ ਕੇ ਬਾਬਾ ਬਲਬੀਰ ਸਿੰਘ ਨੂੰ ਸਿਰੋਪਾਉ ਦੀ ਬਖ਼ਸਿਸ਼ ਕੀਤੀ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼ੁਰੂ ਹੋਏ ਨਿਹੰਗ ਸਿੰਘਾਂ ਦੇ ਵਿਸ਼ਾਲ ਮਹੱਲਾ ਨੇ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਤੋਂ ਬਾਅਦ ਮਹੱਲਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ ਜਿਥੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਰੀਤਾਂ ਅਨੁਸਾਰ ਘੋੜ ਸਵਾਰੀ ਤੇ ਗਤਕੇ-ਬਾਜ਼ੀ ਤੇ ਘੋੜ ਸਵਾਰੀ ਆਦਿ ਦੇ ਆਲੌਕਿਕ ਦ੍ਰਿਸ਼ ਪੇਸ਼ ਕੀਤੇ ਗਏ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਸਲਾਹਿਆ ਗਿਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਚਾਰੋਂ ਦਿਨ ਵਿਸ਼ਾਲ ਦੀਵਾਨ ਸਜਾਏ ਗਏ ਤੇ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਅਮ੍ਰਿੰਤਪਾਣ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ।