ਪਾਕਿ ਗੁਰਧਾਮਾਂ ਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਹਰਨਾਮ ਸਿੰਘ ਖ਼ਾਲਸਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 18 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ):  ਦਮਦਮੀ ਟਕਸਾਲ ਦੇ ਮੁਖੀ ਸੰਤ ਗਿ. ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਵਿਚ ਕੁੱਝ ਸਰਕਾਰੀ ਅਧਿਕਾਰੀਆਂ ਵਲੋਂ ਸਿੱਖਾਂ 'ਤੇ ਜਬਰੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਨੂੰ ਚਿੰਤਾ ਦਾ ਵਿਸ਼ਾ ਦਸਦਿਆਂ ਭਾਰਤ ਸਰਕਾਰ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਅਤੇ ਪਾਕਿਸਤਾਨ ਸਰਕਾਰ ਨੂੰ ਵੀ ਦੋਸ਼ੀਆਂ ਵਿਰੁਧ ਕਾਰਵਾਈ ਕਰਨ ਅਤੇ ਦੇਸ਼ ਵਿਚ ਗੁਰਧਾਮਾਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਬਾਬਾ ਖ਼ਾਲਸਾ ਨੇ ਕਿਹਾ ਕਿ ਪਾਕਿਸਤਾਨੀ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਜ਼ਿਲ੍ਹਾ ਹੰਗੂ ਤਹਿਸੀਲ ਤਹਲ ਦੇ ਸਹਾਇਕ ਕਮਿਸ਼ਨਰ ਯਕੂਬ ਖ਼ਾਨ ਵਲੋਂ ਸਿੱਖਾਂ ਨੂੰ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਸਲਾਮ ਧਰਮ ਕਬੂਲ ਕਰਨ ਲਈ ਦਬਾਅ ਪਾਉਣ ਦੀਆਂ ਆਈਆਂ ਰੀਪੋਰਟਾਂ ਨੇ ਪਾਕਿਸਤਾਨ ਅੰਦਰ ਸਿੱਖਾਂ ਨਾਲ ਹੋ ਰਹੇ ਵਿਤਕਰਿਆਂ ਪ੍ਰਤੀ ਵਿਸ਼ਵ ਦੇ ਸਮੂਹ ਸਿੱਖ ਸੰਗਤ ਵਿਚ ਭਾਰੀ ਚਿੰਤਾ, ਬੇਚੈਨੀ ਅਤੇ ਰੋਸ 

ਪੈਦਾ ਕਰ ਦਿਤਾ ਹੈ। ਉਨ੍ਹਾਂ ਸਬੰਧਤ ਅਧਿਕਾਰੀ ਵਲੋਂ ਸਿੱਖਾਂ ਨੂੰ ਧਰਮ ਤਬਦੀਲ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੇ ਕਾਰੋਬਾਰ ਬੰਦ ਕਰਾਉਣ ਦੀ ਦਿਤੀ ਗਈ ਧਮਕੀਆਂ ਨੂੰ ਧਾਰਮਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿਤਾ ਹੈ। ਪਾਕਿਸਤਾਨੀ ਅਧਿਕਾਰੀਆਂ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਸਿੱਖ ਵੀ ਪਾਕਿਸਤਾਨ ਦੇ ਨਾਗਰਿਕ ਹਨ ਜਿਨ੍ਹਾਂ ਨੇ ਅਪਣੀ ਮਿਹਨਤ ਤੇ ਲਿਆਕਤ ਨਾਲ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਅਹਿਮ ਯੋਗਦਾਨ ਪਾ ਰਹੇ ਹਨ ਜਿਸ ਪ੍ਰਤੀ ਉਥੋਂ ਦੀਆਂ ਸਰਕਾਰਾਂ ਵਲੋਂ ਕਈ ਵਾਰ ਸਿੱਖਾਂ ਦੀ ਇਸ ਯੋਗਦਾਨ ਲਈ ਸ਼ਲਾਘਾ ਕੀਤੀ ਜਾਂਦੀ ਰਹੀ ਹੈ। 

ਇਸੇ ਦੌਰਾਨ ਦਮਦਮੀ ਟਕਸਾਲ ਮੁਖੀ ਨੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਅਤੇ ਅਪਣੀਆਂ ਲਿਖਤਾਂ ਰਾਹੀਂ ਗੁਰੂ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲੇ ਲੇਖਕਾਂ ਅਤੇ ਅਖੌਤੀ ਪ੍ਰਚਾਰਕਾਂ ਵਿਰੁਧ ਕਾਨੂੰਨੀ ਕਾਰਵਾਈ ਕਰਨ ਪ੍ਰਤੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਅਨੁਸਾਰ ਲਿਆ ਗਿਆ ਜ਼ਰੂਰੀ ਅਤੇ ਢੁਕਵਾਂ ਕਦਮ ਕਰਾਰ ਦਿਤਾ।