ਸ੍ਰੀ ਫ਼ਤਿਹਗੜ੍ਹ ਸਾਹਿਬ, 27 ਦਸੰਬਰ (ਸੁਰਜੀਤ ਸਿੰਘ ਸਾਹੀ) : ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਆਖਰੀ ਦਿਨ ਸਜਾਏ ਗਏ ਨਗਰ ਕੀਰਤਨ 'ਚ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਸਮੇਤ ਧਾਰਮਕ, ਰਾਜਸੀ ਤੇ ਸਮਾਜਕ ਸ਼ਖ਼ਸੀਅਤਾਂ, ਧਾਰਮਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ ਨੇ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ।ਇਹ ਸ਼ਹੀਦੀ ਨਗਰ ਕੀਰਤਨ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਗੁਰਦਵਾਰਾ ਸ੍ਰੀ ਜੋਤੀ ਸਰੂਪ ਸਾਹਿਬ ਤੀਕ ਸਜਾਇਆ ਗਿਆ।
ਇਸ ਤੋਂ ਪਹਿਲਾਂ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ, ਤਖ਼ਤ ਸਾਹਿਬਾਨ ਦੇ ਜਥੇਦਾਰਾਂ, ਸਿੱਖ ਸੰਪਰਦਾਵਾਂ ਦੇ ਮੁਖੀਆਂ ਨੂੰ ਸਿਰੋਪਾਉ ਭੇਟ ਕੀਤੇ ਗਏ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਜੈਕਾਰਿਆਂ ਦੀ ਗੂੰਝ ਵਿਚ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵੱਖ-ਵੱਖ ਸਭਾ-ਸੁਸਾਇਟੀਆਂ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਗਤਕਾ ਅਖਾੜਿਆਂ ਨੇ ਜੰਗਜੂ ਜੌਹਰ ਵਿਖਾਉਂਦਿਆਂ ਸ਼ਰਧਾ ਭੇਟ ਕੀਤੀ।
ਗੁਰਦਵਾਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਧਾਰਮਕ ਦੀਵਾਨ ਵਿਚ ਭਾਈ ਅਜੀਤਪਾਲ ਸਿੰਘ, ਭਾਈ ਜਸਪ੍ਰੀਤ ਸਿੰਘ ਤੇ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਅਕਾਲੀ ਬਹੁਲਵਲੀਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਦੇ ਜੱਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ। ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਪਾਲ ਸਿੰਘ ਨੇ ਲਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਲਈ ਧਰਮ 'ਚ ਪਰਪੱਕ ਹੋਣ ਦਾ ਆਤਮਕ ਹਲੂਣਾ ਅਤੇ ਰਾਹ ਦਸੇਰਾ ਹੈ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਜਿਥੇ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਜੋੜ ਮੇਲ ਵਿਚ ਸਹਿਯੋਗ ਕਰਨ ਲਈ ਧਨਵਾਦ ਕੀਤਾ।
ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਵੀ ਕੀਤੀ।ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ, ਹਰੀਆਂ ਵੇਲਾਂ ਵਾਲੇ ਬਾਬਾ ਨਿਹਾਲ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।