ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ

ਪੰਥਕ, ਪੰਥਕ/ਗੁਰਬਾਣੀ



ਫ਼ਿਰੋਜ਼ਪੁਰ, (ਬਲਬੀਰ ਸਿੰਘ ਜੋਸਨ): ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਰਾਜ ਪਧਰੀ ਕਰਵਾਏ ਸਮਾਗਮਾਂ ਨੂੰ  ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਿਰੋਜ਼ਪੁਰ ਵਿਖੇ ਦੋ ਵੱਖ ਵੱਖ ਗੁਰਦਵਾਰਿਆਂ ਵਿਚ ਸਮਾਗਮ ਕਰਵਾਏ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।

ਇਸ ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ 21 ਸਿੱਖ ਫ਼ੌਜੀਆਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਦੁਸ਼ਮਣਾਂ ਦਾ ਦਲੇਰੀ ਨਾਲ ਮੁਕਾਬਲਾ ਕਰ ਕੇ ਆਪਣੇ ਇਤਿਹਾਸ ਨੂੰ ਇਕ ਵਾਰ ਫਿਰ ਦੁਹਰਾ ਕੇ ਦਰਸਾ ਦਿਤਾ ਕਿ ਸਿੱਖ ਮੈਦਾਨੇ ਜੰਗ ਵਿਚੋਂ ਕਦੀ ਵੀ ਪਿੱਛੇ ਨਹੀਂ ਹਟਦੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਾਰਾਗੜ੍ਹੀ ਦੇ ਮਹਾਨ ਸ਼ਹੀਦ ਸਿੱਖ ਕੌਮ ਦੇ ਮਹਾਂਨਾਇਕ ਹਨ ਜਿਨ੍ਹਾਂ ਦੀ ਵਿਲੱਖਣ ਗਾਥਾ ਨੂੰ ਨੌਜੁਆਨ ਪੀੜ੍ਹੀ ਤਕ ਲਿਜਾਣ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਯਤਨ ਕਰੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕੁਰਬਾਨੀ ਦਾ ਜ਼ਜਬਾ ਅਪਣੀ ਵਿਰਾਸਤ ਵਿਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੌਮ ਦੇ ਨੌਜੁਆਨਾਂ ਅਤੇ ਬੱਚਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਿਆ ਜਾਵੇ।