ਸਿੱਖ ਅਜਾਇਬ ਘਰ 'ਚ ਮੱਲ ਸਿੰਘ, ਬਾਦਲ ਸਿੰਘ ਤੇ ਮਾ. ਗੁਰਦਿੱਤ ਸਿੰਘ ਤਸਵੀਰਾਂ ਸੁਸ਼ੋਭਤ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 28 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) :  ਸ਼੍ਰੋਮਣੀ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿ. ਮੱਲ ਸਿੰਘ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਸਾਬਕਾ ਇੰਚਾਰਜ ਗਿ. ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਮੈਂਬਰ ਮਾ. ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਤ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸੰਗਤ ਨੂੰ ਅਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਥੇ ਸੁਸ਼ੋਭਤ ਤਸਵੀਰਾਂ ਨੂੰ ਵੇਖ ਕੇ ਮੌਜੂਦਾ ਪੀੜ੍ਹੀ ਨੂੰ ਪ੍ਰੇਰਣਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਿੱਖ ਕੌਮ ਦਾ ਗੁਰੂ ਸਾਹਿਬਾਨ ਤੋਂ ਲੈ ਕੇ ਮੌਜੂਦਾ ਸਮੇਂ ਤਕ ਦਾ ਇਤਿਹਾਸ ਸੰਭਾਲਿਆ ਹੋਇਆ ਹੈ। 

ਉਨ੍ਹਾਂ ਗਿ. ਮੱਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਕੌਮ ਦੇ ਬਹੁਤ ਵੱਡੇ ਵਿਦਵਾਨ ਸਨ ਅਤੇ ਉਨ੍ਹਾਂ ਨੇ ਜਿਥੇ ਦੇਸ਼ ਵਿਦੇਸ਼ ਦੀ ਸੰਗਤ ਨੂੰ ਕਥਾ ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜਿਆ, ਉਥੇ ਹੀ ਅਨੇਕਾਂ ਪੁਸਤਕਾਂ ਦੁਆਰਾ ਵੀ ਸਿੱਖੀ ਪ੍ਰਚਾਰ ਵਿਚ ਹਿੱਸਾ ਪਾਇਆ। ਉਨ੍ਹਾਂ ਗਿ. ਬਾਦਲ ਸਿੰਘ ਅਤੇ ਮਾਸਟਰ ਗੁਰਦਿੱਤ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਵਡਿਆਇਆ।   ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਨੇ ਕੌਮ ਦੀ ਚੜ੍ਹਦੀ ਕਲਾ ਲਈ ਵੱਡਮੁੱਲਾ ਯੋਗਦਾਨ ਪਾਇਆ ਹੋਵੇ। ਇਸ ਦੌਰਾਨ ਜਥੇਦਾਰ ਗਿ. ਗੁਰਬਚਨ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਗਿ. ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਗਿ. ਮੱਲ ਸਿੰਘ, ਮਾ. ਗੁਰਦਿੱਤ ਸਿੰਘ ਤੇ ਗਿ. ਬਾਦਲ ਸਿੰਘ ਦੇ ਪਰਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦਿਤੇ।