ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਅੱਜ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ, 26 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ ਖ਼ਾਨ ਵਲੋਂ ਪੋਹ ਮਹੀਨੇ ਦੀ ਹੱਡ ਚੀਰਵੀਂ ਕੜਕਦੀ ਠੰਡ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ 'ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ' ਨੂੰ ਠੰਡੇ ਬੁਰਜ ਵਿਚ ਕੈਦ ਕਰ ਕੇ ਰਖਿਆ ਗਿਆ ਸੀ ਤੇ ਉਸ ਵਲੋਂ ਜਾਰੀ ਕੀਤੇ ਫ਼ਤਵੇ ਉਪਰੰਤ 13 ਪੋਹ ਨੂੰ ਕਲਗੀਧਰ ਪਾਤਸ਼ਾਹ ਦੇ ਲਖ਼ਤੇ ਜਿਗਰ 'ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ' ਨੂੰ ਜਲਾਦਾਂ ਵਲੋਂ ਸਰਹਿੰਦ ਵਿਖੇ ਸ਼ਹੀਦ ਕੀਤਾ ਗਿਆ। 

ਇਸ ਲਾਸਾਨੀ ਸ਼ਹਾਦਤ ਨੇ ਸਿੱਖ ਕੌਮ ਅੰਦਰ ਇਕ ਅਦੁੱਤੀ ਮਿਸਾਲ ਕਾਇਮ ਕੀਤੀ ਕਿ ਦੁਨੀਆਂ ਭਰ ਵਿਚ ਵਸਦੇ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਅਪਣੇ ਧਰਮ ਪ੍ਰਤੀ ਦ੍ਰਿੜ੍ਹ ਹੋਵੇ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 27 ਦਸੰਬਰ ਨੂੰ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਇਸ ਪਾਵਨ ਪਵਿੱਤਰ ਅਸਥਾਨ ਤੇ ਨਤਮਸਤਕ ਹੋਣ ਲਈ ਪੁਜਦੀਆਂ ਹਨ। ਆਉ ਇਸ ਲਾਸਾਨੀ ਸ਼ਹਾਦਤ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸਮੁਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਕ ਜਥੇਬੰਦੀਆਂ ਅਤੇ ਹਰ ਇਕ ਮਾਈ ਭਾਈ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਦਾ ਉਪਰਾਲਾ ਕਰੇ। ਇਹ ਹੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਹੋਵੇਗੀ।