ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕੀਤੀ ਬਡੂੰਗਰ ਨਾਲ ਮੁਲਾਕਾਤ

ਪੰਥਕ, ਪੰਥਕ/ਗੁਰਬਾਣੀ

ਪਟਿਆਲਾ 1 ਦਸੰਬਰ (ਬਲਵਿੰਦਰ ਸਿੰਘ ਭੁੱਲਰ, ਜਗਤਾਰ ਸਿੰਘ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪ੍ਰੋ. ਬਡੂੰਗਰ ਨੇ ਲੌਂਗੋਵਾਲ ਦਾ ਸਵਾਗਤ ਕੀਤਾ ਅਤੇ ਸਿਰੋਪਾਉ ਦੇ ਕੇ ਸਨਮਾਨਤ ਕੀਤਾ।
ਸ. ਲੌਂਗੋਵਾਲ ਨੇ ਪ੍ਰੋ. ਬਡੂੰਗਰ ਵਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪ੍ਰੋ. ਬਡੂੰਗਰ ਨਾਲ ਧਰਮ ਪ੍ਰਚਾਰ ਲਹਿਰ ਦੀ ਪ੍ਰਫੁੱਲਤਾ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ। ਸ. ਲੌਂਗੋਵਾਲ ਨੇ ਕਿਹਾ ਕਿ ਪ੍ਰੋ. ਬਡੂੰਗਰ ਨੇ ਪੰਥ ਦੀ ਚੜ੍ਹਦੀਕਲਾ, ਸਿੱਖ ਕੌਮ ਦੇ ਸ਼ਾਨਾਮੱਤਾ ਇਤਿਹਾਸ ਅਤੇ ਧਰਮ ਪ੍ਰਚਾਰ ਲਹਿਰ ਦੇ ਪ੍ਰਚਾਰ ਲਈ ਅਜਿਹੀਆਂ ਸ਼ਾਨਦਾਰ ਸੇਵਾਵਾਂ ਦਿਤੀਆਂ, ਜੋ ਮਿਸਾਲ ਰੂਪ 'ਚ ਸਾਰਿਆਂ ਦਾ ਮਾਰਗ ਦਰਸ਼ਨ ਕਰਦੀਆਂ ਹਨ। ਲੌਂਗੋਵਾਲ ਨੇ ਕਿਹਾ ਕਿ ਪਿਛਲੇ ਸਮੇਂ 'ਚ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਘੇਰਾ ਬਹੁਤ ਵਿਸ਼ਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਅਜੌਕੀ ਪੀੜ੍ਹੀ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਲਿਆਉਣ ਲਈ ਧਰਮ ਪ੍ਰਚਾਰ ਲਹਿਰ ਰਾਹੀਂ ਅਹਿਮ ਉਪਰਾਲੇ ਜਾਰੀ ਹਨ। ਉਨ੍ਹਾਂ ਦਸਿਆ ਕਿ ਧਰਮ ਪ੍ਰਚਾਰ ਲਹਿਰ ਅੱਜ ਪ੍ਰਚੰਡ ਰੂਪ ਧਾਰਨ ਕਰ ਚੁੱਕੀ ਹੈ ਜਿਸ ਦੇ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਕਾਰਜਸ਼ੀਲ ਰਹੇਗੀ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਵਿਨਰਜੀਤ ਸਿੰਘ ਗੋਲਡੀ, ਲਖਵੀਰ ਸਿੰਘ ਲੌਟ, ਸ. ਸ਼ਮਸ਼ੇਰ ਸਿੰਘ ਬਡੂੰਗਰ ਆਦਿ ਹਾਜ਼ਰ ਸਨ।