ਅੱਜ ਦਾ ਹੁਕਮਨਾਮਾ (4 ਮਾਰਚ 2023)

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

Hukamnama Sri Darbar Sahib Amritsar

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥

ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥

ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥

ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

ਸ਼ਨੀਵਾਰ, ੨੦ ਫੱਗਣ (ਸੰਮਤ ੫੫੪ ਨਾਨਕਸ਼ਾਹੀ) ੪ ਮਾਰਚ, ੨੦੨੩ (ਅੰਗ : ੫੩੭)

ਪੰਜਾਬੀ ਵਿਆਖਿਆ:

ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ।

ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।