Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (09 ਜਨਵਰੀ 2025)
Ajj da Hukamnama Sri Darbar Sahib: ਜੈਤਸਰੀ ਮਹਲਾ ੫ ॥
Ajj da Hukamnama Sri Darbar Sahib: ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੦੨)
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।