ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥
ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥
ਐਤਵਾਰ, ੭ ਚੇਤ (ਸੰਮਤ ੫੫੪ ਨਾਨਕਸ਼ਾਹੀ) ੨੦ ਮਾਰਚ, ੨੦੨੨ (ਅੰਗ: ੬੭੫)
Shri Guru Granth Sahib Ji
ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ।
Guru Granth Sahib Ji
ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।