ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
ਐਤਵਾਰ, ੯ ਮਾਘ (ਸੰਮਤ ੫੫੪ ਨਾਨਕਸ਼ਾਹੀ) ੨੨ ਜਨਵਰੀ, ੨੦੨੩ (ਅੰਗ: ੬੩੪)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤਿ੍ਰਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤਿ੍ਰਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ ।
Darbar Sahib
ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ।੧।
Darbar Sahib
ਰਹਾਉ। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ । ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ । ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੨।
Darbar Sahib
ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤਿ੍ਰਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ । ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ ।
Darbar Sahib
ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ । (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ ।
Darbar Sahib
ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ । ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ । ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ ।
Darbar Sahib
ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ । (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ ।
ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ । ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ । (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ । ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭।
Darbar Sahib
ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ । ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ । ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧।