ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
ਮੰਗਲਵਾਰ, ੧੦ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੦੭)
ਪੰਜਾਬੀ ਵਿਆਖਿਆ :
ਸੋਰਠਿ ਮਹਲਾ ੪ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥
ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥